ਨਿੱਜੀ ਪੱਤਰ ਪ੍ਰੇਰਕ
ਜਲੰਧਰ 13 ਜੁਲਾਈ
ਜਲੰਧਰ ਛਾਉਣੀ ਹਲਕੇ ਵਿੱਚ ਪਿਛਲੇ ਸਮੇਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਵਿਧਾਇਕ ਪਰਗਟ ਸਿੰਘ ਨੇ ਨਗਰ ਨਿਗਮ ਜਲੰਧਰ ਦੇ ਦਫ਼ਤਰ ਵਿੱਚ ਨਿਗਮ ਦੇ ਨਵੇਂ ਕਮਿਸ਼ਨਰ ਦਵਿੰਦਰ ਸਿੰਘ, ਮੇਅਰ ਜਗਦੀਸ਼ ਰਾਜਾ ਅਤੇ ਨਿਗਮ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਨਗਰ ਨਿਗਮ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਖੜ੍ਹੋਤ ਆਈ ਹੋਈ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਸਨ, ਉਨ੍ਹਾਂ ਸਬੰਧੀ ਫੰਡ ਪਿਛਲੀ ਕਾਂਗਰਸ ਸਰਕਾਰ ਸਮੇਂ ਹੀ ਮੁਹੱਈਆ ਕਰਵਾ ਦਿੱਤੇ ਗਏ ਸਨ, ਇਸ ਕਰ ਕੇ ਹੁਣ ਫੰਡਾਂ ਦੀ ਘਾਟ ਦੀ ਬਹਾਨੇਬਾਜ਼ੀ ਨਾ ਕੀਤੀ ਜਾਵੇ।
ਪਰਗਟ ਸਿੰਘ ਨੇ ਅਰਬਨ ਅਸਟੇਟ ਵਿੱਚ ਬਣ ਰਹੇ ਰੇਲਵੇ ਅੰਡਰਪਾਥ, ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ 11 ਪਿੰਡਾਂ ਦੇ ਬਾਕੀ ਰਹਿੰਦੇ ਕੰਮ, ਗੰਦਾ ਨਾਲਾ ਪੂਰ ਕੇ ਉਸ ਉੱਪਰ ਸੜਕ ਬਣਾਏ ਜਾਣ ਵਾਲਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਹਨ ਉਨ੍ਹਾਂ ਦੀ ਪੰਚਾਇਤੀ ਜ਼ਮੀਨ, ਜਿਸ ਦੀ ਕੀਮਤ ਕਰੋੜਾਂ ਰੁਪਏ ਹੈ, ਨੂੰ ਆਪਣੇ ਅਧੀਨ ਕਰਨ ਲਈ ਨਗਰ ਨਿਗਮ ਵਲੋਂ ਕੋਈ ਵੀ ਕਦਮ ਨਹੀਂ ਚੁਕਿਆ ਗਿਆ। ਇਸ ਮੌਕੇ ਤੇ ਕਮਿਸ਼ਨਰ ਦਵਿੰਦਰ ਸਿੰਘ ਨੇ ਵਿਧਾਇਕ ਨੂੰ ਵਿਸ਼ਵਾਸ ਦਿਵਾਇਆ ਕਿ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ।