ਪਾਲ ਸਿੰਘ ਨੌਲੀ
ਜਲੰਧਰ, 8 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮਲਾਵਰ ਰੁਖ਼ ਅਪਣਾਉਂਦਿਆਂ ਸਿੱਧੇ ਤੌਰ ’ਤੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਬਹੁਤ ਸਾਰੀਆਂ ਕਮਜ਼ੋਰੀਆਂ ਕੇਂਦਰ ਸਰਕਾਰ ਦੇ ਹੱਥ ਲੱਗੀਆਂ ਹੋਈਆਂ ਹਨ, ਇਸੇ ਕਰਕੇ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਪੰਜਾਬ ਵਿੱਚ ਹੁਣ ਨੌਜਵਾਨਾਂ ’ਤੇ ਜਿਹੜੇ ਝੂਠੇ ਕੇਸ ਵੀ ਦਰਜ ਕੀਤੇ ਜਾ ਰਹੇ ਹਨ, ਉਹ ਵੀ ਕੇਂਦਰ ਦੇ ਇਸ਼ਾਰੇ ’ਤੇ ਹੀ ਹੋ ਰਹੇ ਹਨ। ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਦੀ ਕਮਜ਼ੋਰੀ ਜਾਣਦਾ ਹੈ ਤੇ ਇਸੇ ਲਈ ਮੁੱਖ ਮੰਤਰੀ ਸਿੱਧਾ ਮੰਤਰਾਲੇ ਤੋਂ ਹੁਕਮ ਲੈ ਰਹੇ ਹਨ ਅਤੇ ਭਾਜਪਾ ਆਗੂਆਂ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ਪੰਜਾਬੀਆਂ ਖ਼ਿਲਾਫ਼ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਕਿਸਾਨਾਂ ਦੇ ਹੱਕ ਵਿੱਚ ਗੀਤ ਲਿਖਣ ਵਾਲੇ ਤੇ ਗਾਉਣ ਵਾਲਿਆਂ ਨੂੰ ਵੀ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਸੁਖਬੀਰ ਬਾਦਲ ਨੇ ਕੈਪਟਨ ’ਤੇ ਦੋਗਲੀ ਨੀਤੀ ’ਤੇ ਚੱਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਇਹ ਹਨ ਕਿ ਜੇਕਰ ਕੇਂਦਰ ਸਰਕਾਰ ਆਪਣੇ ਤਿੰਨ ਕਾਨੂੰਨ ਖਾਰਜ ਵੀ ਕਰ ਦਿੰਦਾ ਹੈ ਤਾਂ ਵੀ ਇਹ ਪੰਜਾਬ ਵਿੱਚ ਲਾਗੂ ਰਹਿਣਗੇ ਕਿਉਂਕਿ ਕਾਂਗਰਸ ਸਰਕਾਰ ਨੇ ਏਪੀਐੱਮਸੀ ਐਕਟ ਵਿੱਚ ਕੀਤੀਆਂ ਤਬਦੀਲੀਆਂ ਵਾਪਸ ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਐੱਸਸੀ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਦੀ ਰਾਸ਼ੀ ਵਿੱਚ ਵੀ ਘਪਲਾ ਕੀਤਾ ਗਿਆ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ ਦੀ ਅਗਵਾਈ ਹੇਠ ਪਿੰਡ ਗਿੱਦੜਪਿੰਡੀ ਦੇ ਨੌਜਵਾਨਾਂ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਸੁਖਬੀਰ ਬਾਦਲ ਦੇ ਕਾਫਲੇ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ।
ਕਪੂਰਥਲਾ ਵਿੱਚ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ
ਕਪੂਰਥਲਾ(ਧਿਆਨ ਸਿੰਘ ਭਗਤ): ਅੱਜ ਕਪੂਰਥਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਕੀਤ। ਇਸ ਮੌਕੇ ਉਨ੍ਹਾਂ ਕਿਹਾ,‘‘ਮਿਊਂਸਿਪਲ ਕਮੇਟੀ ਚੋਣਾਂ ਹਿੰਮਤ ਨਾਲ ਲੜੀਆਂ ਜਾਣ, ਹਲਕਾ ਮਿਲਣੀ ਪ੍ਰੋਗਰਾਮ ਸ਼ੁਰੂ ਕਰ ਰਹੇ ਹਾਂ, ਹਰ ਹਲਕੇ ਵਿੱਚ ਇਕ ਦਿਨ ਰਹਾਂਗੇ, ਆਉਣ ਵਾਲੇ ਦੋ ਮਹੀਨੇ ਵੱਖ-ਵੱਖ ਹਲਕਿਆਂ ਵਿੱਚ ਹੋਵਾਂਗੇ।’’ ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਨਿਸ਼ਾਨੇ ਸਾਧੇ।