ਪੱਤਰ ਪ੍ਰੇਰਕ
ਸ਼ਾਹਕੋਟ, 19 ਨਵੰਬਰ
ਤਹਿਸੀਲ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਹੋਈ ਅੱਗ ਨੂੰ ਏਡੀਸੀ ਅਮਿਤ ਮਹਾਜਨ, ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ ਅਤੇ ਨਾਇਬ ਤਹਿਸੀਲਦਾਰ ਸ਼ਾਹਕੋਟ ਨੇ ਬੁਝਾਇਆ। ਕਈ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਨਾਇਬ ਤਹਿਸੀਲਦਾਰ ਸ਼ਾਹਕੋਟ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਬਲਾਕ ਸ਼ਾਹਕੋਟ ਦੇ ਪਿੰਡ ਚੱਕ ਬਾਹਮਣੀਆਂ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਅੱਗ ਬੁਝਾਈ। ਉਨ੍ਹਾਂ ਦੱਸਿਆ ਕਿ ਏਡੀਸੀ ਅਤੇ ਐੱਸਡੀਐੱਮ ਦੀ ਟੀਮ ਨੇ ਬਲਾਕ ਲੋਹੀਆਂ ਖਾਸ ਦੇ ਪਿੰਡ ਡੁਮਾਣਾ, ਫੁੱਲ, ਘੁੱਦੂਵਾਲ, ਸਿੱਧੂਪੁਰ, ਨਵਾਂ ਪਿੰਡ ਖਾਲੇਵਾਲ, ਲੋਹੀਆਂ ਅਤੇ ਬਲਾਕ ਸ਼ਾਹਕੋਟ ਦੇ ਪਿੰਡ ਮਲਸੀਆਂ ਦੀ ਪੱਤੀ ਡੱਬਰੀ ਅਤੇ ਕੋਟਲੀ ਗਾਜਰਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਈ ਪਿੰਡਾਂ ਵਿਚ ਕਿਸਾਨਾਂ ਵੱਲੋਂ ਲਗਾਈ ਅੱਗ ਨੂੰ ਵੀ ਬੁਝਾਇਆ ਗਿਆ। ਏਡੀਸੀ ਅਮਿਤ ਮਹਾਜਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਯੋਗਦਾਨ ਪਾਉਣ। ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਤੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਸੜ੍ਹ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਕੇਸ ਦਰਜ ਕਰਨ ਸਣੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਵੀ ਬੰਦ ਕੀਤੀਆਂ ਜਾਣਗੀਆਂ।