ਏਡੀਸੀ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ
ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਮਾਗਮ ਵਾਲੇ ਸਥਾਨ ਦੀ ਸਫ਼ਾਈ ਤੇ ਸਜਾਵਟ, ਪ੍ਰਮੁੱਖ ਚੌਕਾਂ ਦੀ ਸਜਾਵਟ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬੈਠਣ ਦੇ ਇੰਤਜ਼ਾਮ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਬ੍ਰਿਗੇਡ, ਰਿਫਰੈਸ਼ਮੈਂਟ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਮਾਗਮ ਲਈ ਰਿਹਰਸਲਾਂ 8 ਅਗਸਤ ਤੋਂ ਸ਼ੁਰੂ ਹੋਣਗੀਆਂ ਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼-ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲੀਸ, ਮਹਿਲਾ ਪੁਲੀਸ, ਪੰਜਾਬ ਹੋਮ ਗਾਰਡਜ਼, ਐੱਨ.ਸੀ.ਸੀ. ਕੈਡੇਟਜ਼ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਮੌਕੇ ਐੱਸ.ਡੀ.ਐੱਮ. ਮੇਜਰ ਡਾ.ਇਰਵਿਨ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।