ਏਡੀਸੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਕਾਰਜਾਂ ਦਾ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਭੁਲੱਥ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਮਨਸੂਰਵਾਲ ਬੇਟ, ਰਾਏਪੁਰ ਅਰਾਈਆਂ ਅਤੇ ਪਿੰਡ ਮੰਡ ਤਲਵੰਡੀ ਕੂਕਾ ਵਿੱਚ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਦੱਸਿਆ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਦਿਨ-ਰਾਤ ਰਾਹਤ ਕਾਰਜ ਜੰਗੀ ਪੱਧਰੀ ’ਤੇ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਥਾਵਾਂ ’ਤੇ ਬਣਾਏ ਰਾਹਤ ਕੈਂਪਾਂ ’ਚ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਬਾਜਵਾ ਨੇ ਮਨਸੂਰਵਾਲ ਵਿੱਚ ਧੁੱਸੀ ਬੰਨ੍ਹ ਦਾ ਵੀ ਜਾਇਜ਼ਾ ਲਿਆ ਤੇ ਦੱਸਿਆ ਕਿ ਇਹ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਰਾਹਤ ਕੈਂਪਾਂ ’ਚ ਲੋਕਾਂ ਦੇ ਰਹਿਣ-ਸਹਿਣ, ਖਾਣੇ ਅਤੇ ਡਾਕਟਰੀ ਸਹੂਲਤਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਐੱਨ.ਡੀ.ਆਰ.ਐੱਫ. ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਵੀ ਪ੍ਰਸਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਜਾ ਰਿਹਾ ਹੈ।