ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਜੂਨ
ਜ਼ਿਲ੍ਹੇ ਵਿੱਚ ਕੋਵਿਡ-19 ਕਾਰਨ ਆਪਣਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਨੂੰ 50 ਹਜ਼ਾਰ ਦੀ ਐਕਸ-ਗ੍ਰੇਸ਼ੀਆ ਰਾਸ਼ੀ ਵੰਡਣ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਆਸ਼ਾ ਵਰਕਰਾਂ ਨੂੰ ਅਜਿਹੇ ਪਰਿਵਾਰਾਂ ਨਾਲ ਸੰਪਰਕ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਨਾਲ 1578 ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਦੀ ਐਕਸ-ਗ੍ਰੇਸ਼ੀਆ ਲਈ 1261 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ 1224 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰਾਸ਼ੀ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਵਾਰਸਾਂ ਨੂੰ ਮੌਤ ਦਾ ਸਰਟੀਫਿਕੇਟ, ਕਾਨੂੰਨੀ ਵਾਰਸ ਹੋਣ ਸਬੰਧੀ ਸਰਟੀਫਿਕੇਟ, ਸਮੇਤ ਹੋਰ ਲੋੜੀਂਦੇ ਦਸਤਾਵੇਜ਼ਾਂ ਜਮ੍ਹਾਂ ਕਰਵਾਉਣੇ ਹੋਣਗੇ।