ਪ੍ਰਸ਼ਾਸਨ ਵੱਲੋਂ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ
ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅੰਬੇਦਕਰ ਭਵਨ ਵਿੱਚ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੋਚਿੰਗ ਕਲਾਸਾਂ ਦਾ ਆਗਾਜ਼ ਕਰਨ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਆਪ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।
ਡਾ. ਅਗਰਵਾਲ ਨੇ ਦੱਸਿਆ ਕਿ ਦਾਖ਼ਲਾ ਟੈਸਟ ਉਪਰੰਤ ਅੱਜ 50 ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ 30 ਲੜਕੀਆਂ ਅਤੇ 20 ਲੜਕੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੀ ਇਹ ਕੋਚਿੰਗ ਲੜਕੀਆਂ ਨੂੰ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਲੜਕਿਆਂ ਲਈ ਬਹੁਤ ਹੀ ਮਾਮੂਲੀ ਫੀਸ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਉਮੀਦਵਾਰਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਸਬੰਧਤ ਕਿਤਾਬਾਂ ਤੇ ਹੋਰ ਲੋੜੀਂਦੀ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ। ਆਪ ਆਗੂ ਨਿਤਿਨ ਕੋਹਲੀ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ।