ਪ੍ਰਬੰਧਕੀ ਸਕੱਤਰ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ
ਹਤਿੰਦਰ ਮਹਿਤਾ
ਜਲੰਧਰ, 2 ਜੁਲਾਈ
ਉਦਯੋਗਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਕੇ ਉਨ੍ਹਾਂ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇੱਥੇ ਵੱਖ-ਵੱਖ ਇੰਡਸਟਰੀਅਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ, ਕਮਿਸ਼ਨਰ ਜਲੰਧਰ ਨਗਰ ਨਿਗਮ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਬੰਧਕੀ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਇੰਡਸਟਰੀ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਅਤੇ ਕਾਰੋਬਾਰ ਲਈ ਉਨ੍ਹਾਂ ਨੂੰ ਸਾਜਗਾਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਤੇਜ਼ੀ ਨਾਲ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਲ੍ਹੇ ਦੀ ਹੈਂਡ ਟੂਲ ਅਤੇ ਪਾਵਰ ਟੂਲ ਇੰਡਸਟਰੀ ਨੂੰ ਕੌਮਾਂਤਰੀ ਪੱਧਰ ’ਤੇ ਹੋਰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸ੍ਰੀ ਯਾਦਵ ਨੇ ਹੈਂਡ ਟੂਲ ਅਤੇ ਪਾਵਰ ਟੂਲ ਇੰਡਸਟਰੀ ਦੇ ਪ੍ਰਤੀਨਿਧੀਆਂ ਤੋਂ ਸੁਝਾਅ ਵੀ ਲਏ। ਇਸ ਮੌਕੇ ਸ੍ਰੀ ਯਾਦਵ ਨੇ ਉਦਯੋਗਪਤੀਆਂ ਦੇ ਕਿਰਤ, ਆਬਕਾਰੀ ਤੇ ਕਰ, ਨਗਰ ਨਿਗਮ, ਡਿਪਟੀ ਡਾਇਰੈਕਟਰ ਫੈਕਟਰੀਜ਼, ਜੀ.ਐੱਮ. ਡੀ.ਆਈ.ਸੀ., ਪੁਲੀਸ, ਮਾਲ ਵਿਭਾਗ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁੱਦੇ ਤੇ ਮੰਗਾਂ ਸੁਣਦਿਆਂ ਜ਼ਿਲ੍ਹਾ ਪੱਧਰ ਨਾਲ ਸਬੰਧਤ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਲਈ ਢੁੱਕਵੇਂ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੈਦਰ ਕੰਪਲੈਕਸ, ਸਪੋਰਟਸ ਤੇ ਸਰਜੀਕਲ ਕੰਪਲੈਕਸ ਸਮੇਤ ਹੋਰ ਉਦਯੋਗਿਕ ਇਲਾਕਿਆਂ ਵਿੱਚ ਸੜਕਾਂ, ਸੀਵਰੇਜ, ਲਾਈਟਾਂ, ਪਾਣੀ, ਸੁਰੱਖਿਆ ਸਬੰਧੀ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਦੱਸਿਆ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦੇ ਢੁੱਕਵੇਂ ਰੱਖ-ਰਖਾਅ ਲਈ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿੱਚ ਏਡੀਸੀ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਜੀ.ਐੱਮ. ਡੀ.ਆਈ.ਸੀ. ਦੀਪ ਸਿੰਘ ਗਿੱਲ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਦਯੋਗਪਤੀ ਮੌਜੂਦ ਸਨ।