ਭਗਵਾਨ ਦਾਸ ਸੰਦਲ
ਦਸੂਹਾ, 26 ਅਗਸਤ
ਇਥੇ ਕਰੋਨਾ ਦੇ ਨਾਲ ਹੁਣ ਡੇਂਗੂ ਨੇ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਥਾਨਕ ਸਿਵਲ ਹਸਪਤਾਲ ਵਿੱਚ ਡੇਂਗੂ ਅਤੇ ਸੈੱਲ ਘੱਟਣ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ। ਹੁਣ ਤੱਕ ਤੱਕ ਜੋ ਮਾਮਲੇ ਸਾਹਮਣੇ ਆਏ ਹਨ, ਉਨਾਂ ’ਚ ਇਸ ਬਿਮਾਰੀ ਨਾਲ ਸਬੰਧਤ ਵੱਡੀ ਗਿਣਤੀ ’ਚ ਮਰੀਜ਼ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਹਸਪਤਾਲ ਵਿੱਚ ਸਰਕਾਰੀ ਅੰਕੜਿਆਂ ਤੋਂ ਪਰੇ ਜਾ ਕੇ ਦੇਖਿਆ ਜਾਵੇ ਤਾਂ ਦਸੂਹਾ ਇਲਾਕੇ ’ਚ ਡੇਂਗੂ ਤੇ ਸੈਲ ਘੱਟਣ ਨਾਲ ਸਬੰਧਤ ਸ਼ੱਕੀ ਮਰੀਜ਼ਾਂ ਦੀ ਗਿਣਤੀ ਇਕ ਦਰਜਨ ਤੋਂ ਵੀ ਵੱਧ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਇਆ ਕਲਪ ਸਕੀਮ ਅਧੀਨ ਦਸੂਹਾ ਦੇ ਸਿਵਲ ਹਸਪਤਾਲ ਨੂੰ ਇਲਾਜ ਤੇ ਹੋਰ ਪ੍ਰਬੰਧਾਂ ਲਈ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਹੋਇਆ ਸੀ। ਮਿਸ਼ਨ ਰੋਡ ਵਾਸੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਕੁਲਵੰਤ ਕੌਰ ਡੇਂਗੂ ਬੁਖਾਰ ਨਾਲ ਪੀੜਤ ਹੈ ਜਦੋ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ। ਹੁਸ਼ਿਆਰਪੁਰ ਵਿੱਚ ਸਿਵਲ ਹਸਪਤਾਲ ਹਸਪਤਾਲ ਵਿੱਚ ਕਰੋਨਾ ਮਰੀਜ਼ਾਂ ਦੀ ਵਧੀ ਗਿਣਤੀ ਦਾ ਕਾਰਨ ਦੱਸ ਕੇ ਉਸ ਦੀ ਮਾਤਾ ਨੂੰ ਦਾਖ਼ਲ ਨਹੀ ਕੀਤਾ ਗਿਆ। ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਦਵਿੰਦਰ ਪੁਰੀ ਨੇ ਕਿਹਾ ਕਿ ਹਸਪਤਾਲ ਵਿੱਚ ਪਲੇਟਲਿਟ ਸੈੱਲ ਉਪਲੱਬਧ ਨਾ ਹੋਣ ਇਥੇ ਡੇਂਗੂ ਦਾ ਇਲਾਜ ਸੰਭਵ ਨਹੀ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਕਿਹਾ ਕਿ ਕਰੋਨਾ ਮਰੀਜ਼ਾਂ ਦੇ ਨਾਲ ਡੇਂਗੂ ਵਰਗੀਆਂ ਬਿਮਾਰੀਆਂ ਦੇ ਇਲਾਜ ਕਰਨ ਦੇ ਸਿਹਤ ਅਮਲੇ ਨੂੰ ਨਿਰਦੇਸ਼ ਦਿੱਤੇ ਗਏ ਹਨ।