ਜਸਬੀਰ ਸਿੰਘ ਚਾਨਾ
ਫਗਵਾੜਾ, 4 ਸਤੰਬਰ
ਖੇਤੀ-ਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਅਧਿਕਾਰੀਆਂ ਨਾਲ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਮਗਰੋਂ ਗੰਨਾ ਉਤਪਾਦਕਾਂ ਨੇ ਅੱਜ 28ਵੇਂ ਦਿਨ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇੱਥੋਂ ਦੀ ਸ਼ੂਗਰ ਮਿੱਲ ਵੱਲ ਬਕਾਇਆ 72 ਕਰੋੜ ਰੁਪਏ ਦੀ ਅਦਾਇਗੀ ਨੂੰ ਲੈ ਕੇ ਕਿਸਾਨ ਕਰੀਬ ਇਕ ਮਹੀਨੇ ਤੋਂ ਸੰਘਰਸ਼ ਕਰ ਰਹੇ ਸਨ।
ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੋਲੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਉਨ੍ਹਾਂ ਦੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ, ਸਹਾਇਕ ਕੇਨ ਕਮਿਸ਼ਨਰ, ਵਿਧਾਇਕ ਜਸਵੀਰ ਸਿੰਘ ਰਾਜਾ ਨਾਲ ਮੀਟਿੰਗ ਹੋਈ। ਮੀਟਿੰਗ ’ਚ ਉਨ੍ਹਾਂ ਵਾਅਦਾ ਕੀਤਾ ਹੈ ਕਿ ਭੂਨਾ ਮਿੱਲ ਦੀ ਜੋ ਰਾਸ਼ੀ 24 ਕਰੋੜ ਰੁਪਏ ਸਰਕਾਰ ਨੂੰ ਆਈ ਹੈ, ਉਹ ਬੁੱਧਵਾਰ ਤੱਕ ਕਿਸਾਨਾਂ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ। 3 ਕਰੋੜ 95 ਲੱਖ ਜੋ ਸਰਕਾਰ ਵੱਲੋਂ 2021-22 ਦੇ ਸੀਜ਼ਨ ਵਾਸਤੇ ਸਬਸਿਡੀ 35 ਰੁਪਏ ਪ੍ਰਤੀ ਕੁਇੰਟਲ ਐਲਾਨੀ ਸੀ ਉਹ ਵੀ ਇੱਕ ਹਫ਼ਤੇ ’ਚ ਕਿਸਾਨਾਂ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸ਼ੂਗਰ ਮਿੱਲ ਫਗਵਾੜਾ ਨੂੰ ਚਲਾਉਣ ਲਈ ਸਰਕਾਰ ਪ੍ਰਮੋਟਰਾਂ ਦਾ ਪ੍ਰਬੰਧ ਕਰ ਰਹੀ ਹੈ। ਜੇ ਪ੍ਰਬੰਧ ਹੋ ਗਿਆ ਤਾਂ ਠੀਕ ਹੈ, ਨਹੀਂ ਤਾਂ ਸਰਕਾਰ ਇਸ ਨੂੰ ਚਲਾਉਣ ਲਈ ਪ੍ਰਬੰਧ ਕਰੇਗੀ ਤੇ ਟੇਕਓਵਰ ਕਰਨ ਲਈ ਜੋ ਕਾਰਵਾਈ ਹੈ ਉਹ 10 ਦਿਨਾਂ ਦੇ ਅੰਦਰ ਪੂਰਾ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਗੱਲਬਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਸਰਕਾਰ ਨਾਲ ਸਹਿਮਤੀ ਪ੍ਰਗਟਾਉਂਦਿਆ ਇਸ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ, ਕੇਨ ਕਮਿਸ਼ਨਰ ਪੰਜਾਬ ਤੇ ਸਹਾਇਕ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।