ਖੇਤੀ ਕਾਨੂੰਨ: ਟੌਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਧਰਨੇ ਜਾਰੀ

ਖੇਤੀ ਕਾਨੂੰਨ: ਟੌਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਧਰਨੇ ਜਾਰੀ

ਲਾਚੋਵਾਲ ਟੌਲ ਪਲਾਜ਼ਾ ਤੋਂ ਦਿੱਲੀ ਲਈ ਰਵਾਨਾ ਹੋਣ ਮੌਕੇ ਕਿਸਾਨ।

ਹਰਪ੍ਰੀਤ ਕੌਰ

ਹੁਸ਼ਿਆਰਪੁਰ, 25 ਨਵੰਬਰ

ਕਿਸਾਨ ਜਥੇਬੰਦੀਆਂ ਦਾ ਲਾਚੋਵਾਲ ਟੌਲ ਪਲਾਜ਼ਾ ’ਤੇ ਚੱਲ ਰਿਹਾ ਧਰਨਾ ਅੱਜ 45ਵੇਂ ਦਿਨ ’ਚ ਦਾਖ਼ਲ ਹੋ ਗਿਆ। ਅੱਜ ਵੱਡੀ ਗਿਣਤੀ ’ਚ ਇਲਾਕੇ ਦੇ ਕਿਸਾਨ ਟਰੈਕਟਰ-ਟਰਾਲੀਆਂ ਤੇ ਗੱਡੀਆਂ ਰਾਹੀਂ ਦਿੱਲੀ ਲਈ ਰਵਾਨਾ ਹੋਏ। ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਤੇ ਪਰਮਿੰਦਰ ਸਿੰਘ ਆਦਿ ਨੇ ਦੱਸਿਆ ਕਿ ਦਿੱਲੀ ਜਾਣ ਵਾਲੇ ਕਿਸਾਨਾਂ ਲਈ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਾਮਾਨ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਥਾਨਕ ਜੀਓ ਰਿਲਾਇੰਸ ਕਾਰਪਰੇਟ ਦੇ ਦਫ਼ਤਰਾਂ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਰਿਹਾ।

ਬਲਾਚੌਰ (ਗੁਰਦੇਵ ਸਿੰਘ ਗਹੂੰਣ): ਕਿਸਾਨ ਜਥੇਬੰਦੀਆਂ ਵੱਲੋਂ ਕਰਾਵਰ ਅਤੇ ਬੱਛੂਆਂ ਟੌਲ ਪਲਾਜ਼ਿਆਂ ’ਤੇ 43ਵੇਂ ਦਿਨ ਵੀ ਧਰਨੇ ਜਾਰੀ ਹਨ। ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਸੀਨੀਅਰ ਕਾਂਗਰਸੀ ਆਗੂ ਅਜੈ ਕੁਮਾਰ ਮੰਗੂਪੁਰ, ਚੇਅਰਮੈਨ ਹਰਜੀਤ ਸਿੰਘ ਜਾਡਲੀ, ਚੇਅਰਮੈਨ ਗੌਰਵ ਵਿੱਕੀ ਅਤੇ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਟਿੰਕੂ ਘਈ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ, ਆਮ ਆਦਮੀ ਪਾਰਟੀ ਦੇ ਅਸ਼ੋਕ ਕਟਾਰੀਆ, ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ, ਕਿਰਤੀ ਕਿਸਾਨ ਯੂਨੀਅਨ ਦੇ ਹਰਮੇਸ਼ ਸਿੰਘ ਢੇਸੀ, ਕੁੱਲ ਹਿੰਦ ਕਿਸਾਨ ਸਭਾ ਦੇ ਕਾਮਰੇਡ ਮਹਾਂ ਸਿੰਘ ਰੌੜੀ ਅਤੇ ਕਾਮਰੇਡ ਕਰਨ ਸਿੰਘ ਰਾਣਾ ਆਦਿ ਆਗੂਆਂ ਨੇ ਕਿਹਾ ਕਿ ਅਜਿਹੇ ਗੈਰ-ਜਮਹੂਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ 26-27 ਨਵੰਬਰ ਦੇ ‘ਦਿੱਲੀ ਚੱਲੋ’ ਕਿਸਾਨ ਅੰਦੋਲਨ ਦੌਰਾਨ ਸਮੁੱਚੇ ਦੇਸ਼ ਦੇ ਕਿਸਾਨ-ਮਜ਼ਦੂਰ ਇੱਕ ਆਵਾਜ਼ ਹੋ ਕੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਦੀ ਮੰਗ ਕਰਨਗੇ, ਜਿਸ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All