ਖੇਤੀ ਬਿੱਲ: ਕਾਂਗਰਸੀ ਵਿਧਾਇਕ ਵੀ ਸੜਕਾਂ ’ਤੇ ਉਤਰੇ

ਖੇਤੀ ਬਿੱਲ: ਕਾਂਗਰਸੀ ਵਿਧਾਇਕ ਵੀ ਸੜਕਾਂ ’ਤੇ ਉਤਰੇ

ਵਿਧਾਇਕ ਅਰੁਣ ਡੋਗਰਾ ਦੀ ਮੌਜੂਦਗੀ ’ਚ ਤਲਵਾੜਾ ਦੇ ਸਬਜ਼ੀ ਮੰਡੀ ਚੌਕ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਕਾਰਕੁਨ।

ਦੀਪਕ ਠਾਕੁਰ
ਤਲਵਾੜਾ, 21 ਸਤੰਬਰ

ਖੇਤੀ ਬਿੱਲਾਂ ਖ਼ਿਲਾਫ਼ ਇੱਥੇ ਕਾਂਗਰਸੀ ਵਿਧਾਇਕ ਡੋਗਰਾ ਦੀ ਮੌਜੂਦਗੀ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਾਂਗਰਸ ਨੇ ਬਿੱਲ ਰੱਦ ਨਾ ਕੀਤੇ ਜਾਣ ਦੀ ਸੂਰਤ ’ਚ ਭਾਜਪਾ ਆਗੂਆਂ ਦਾ ਪਿੰਡਾਂ ਵਿੱਚ ਵੜਨ ’ਤੇ ਵਿਰੋਧ ਕਰਨ ਦੀ ਚੇਤਾਵਨੀ ਦਿੱਤੀ।

ਇੱਥੇ ਸਥਾਨਕ ਸਬਜ਼ੀ ਮੰਡੀ ਚੌਕ ਵਿੱਚ ਖੇਤੀ ਬਿੱਲਾਂ ਦੇ ਵਿਰੋਧ ’ਚ ਬਲਾਕ ਕਾਂਗਰਸ ਪ੍ਰਧਾਨ ਠਾ. ਪ੍ਰੀਤਮ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ, ਜਿਸ ਵਿੱਚ ਵਿਧਾਇਕ ਅਰੁਣ ਕੁਮਾਰ ਉਰਫ਼ ਮਿੱਕੀ ਡੋਗਰਾ ਨੇ ਵੀ ਸ਼ਿਰਕਤ ਕੀਤੀ। ਧਰਨਾਕਾਰੀਆਂ ਨੇ ਸਬਜ਼ੀ ਮੰਡੀ ਚੌਕ ’ਤੇ ਖੇਤੀ ਬਿੱਲਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਰੋਸ ਪ੍ਰਗਟ ਕੀਤਾ। 

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਖੇਤੀ ਆਰਡੀਨੈਂਸਾਂ ਵਿਰੁੱਧ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਧਰਨਾ ਦਿੱਤਾ ਗਿਆ। ਧਰਨੇ ’ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਆਰਡੀਨੈਂਸ ਲਿਆ ਕੇ ਕਿਸਾਨਾਂ ਦੇ ਨਾਲ-ਨਾਲ ਪੂਰੇ ਦੇਸ਼ ਨੂੰ ਧੋਖੇ ਵਿੱਚ ਰੱਖਿਆ ਹੈ ਜਿਸ ਲਈ ਲੋਕ ਮੋਦੀ ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਸ੍ਰੀ ਅਰੋੜਾ ਨੇ ਕਿਹਾ ਕਿ ਬੀਬੀ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਕੇਵਲ ਇੱਕ ਸਿਆਸੀ ਸਟੰਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਹ ਸਾਫ਼ ਕਰ ਚੁੱਕੀ ਹੈ ਕਿ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿੱਚ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦਾ ਕਿਸਾਨ ਸੜਕਾਂ ’ਤੇ ਹੈ ਅਤੇ 25 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਂਗਰਸ ਵੀ ਪੂਰਾ ਸਮਰਥਨ ਦੇਵੇਗੀ। 

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਕਰਤਾਰਪੁਰ ਦੇ ਮੁੱਖ ਚੌਕ ਵਿੱਚ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਧਰਨਾ ਲਗਾਇਆ। ਇਸ ਮੌਕੇ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਖੇਤੀ ਬਿੱਲ ਨੂੰ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਪਾਸ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਵਾਰ ਕਰਦਿਆਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਵੱਲੋਂ ਦਿੱਤੇ ਅਸਤੀਫ਼ੇ ਦੇ ਬਾਵਜੂਦ ਅਕਾਲੀ ਭਾਜਪਾ ਗੱਠਜੋੜ ਅਜੇ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। 

ਕਿਸਾਨ ਕਾਰਕੁਨਾਂ ਵੱਲੋਂ ਮੋਟਰਸਾਈਕਲ ਮਾਰਚ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਖੇਤੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ‘ਪੰਜਾਬ ਬੰਦ’ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕੱਢਿਆ। ਇਹ ਮਾਰਚ ਭੰਡਾਰੀ ਪੁਲ ਤੋਂ ਸ਼ੁਰੂ ਹੋ ਕੇ ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ, ਕਟੜਾ ਸ਼ੇਰ ਸਿੰਘ, ਬੱਸ ਅੱਡਾ ਅਤੇ ਦਾਣਾ ਮੰਡੀ ਪੁੱਜ ਕੇ ਸਮਾਪਤ ਹੋਇਆ, ਜਿੱਥੇ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਸਾਂਝੀ ਮੀਟਿੰਗ ਕੀਤੀ ਗਈ। ਮਾਰਚ ਵਿੱਚ ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁੰਨ ਸ਼ਾਮਲ ਸਨ। ਦਾਣਾ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਅਤੇ ਗੱਲਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸ੍ਰੀ ਤੁਲੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਿਸਾਨ ਆਗੂ ਰਤਨ ਸਿੰਘ ਰੰਧਾਵਾ, ਹਰਜੀਤ ਸਿੰਘ ਝੀਤੇ ਅਤੇ ਦਵਿੰਦਰ ਸਿੰਘ ਚਾਟੀਵਿੰਡ ਆਦਿ ਨੇ ਸੰਬੋਧਨ ਕੀਤਾ।

ਪੰਚਾਇਤਾਂ ਕਿਸਾਨ ਸੰਘਰਸ਼ ਦੀ ਹਮਾਇਤ ’ਚ ਨਿੱਤਰੀਆਂ

ਸ਼ਾਹਕੋਟ (ਗੁਰਮੀਤ ਖੋਸਲਾ): ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਆਰਡੀਂਨੈਸਾਂ ਅਤੇ ਬਿਜਲੀ ਸੋਧ ਬਿੱਲ 2020 ਖਿਲਾਫ਼ ਸੂਬੇ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਸੀਚੇਵਾਲ, ਥੰਮੂਵਾਲ ਅਤੇ ਸੰਢਾਂਵਾਲ ਦੀ ਪੰਚਾਇਤ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ 25 ਸਤੰਬਰ ਦੇ ‘ਪੰਜਾਬ ਬੰਦ’ ਦੇ ਸੱਦੇ ਦਾ ਸਮਰਥਨ ਕੀਤਾ ਹੈ। ਇਸ ਮੌਕੇ ਪਿੰਡ ਥੰਮੂਵਾਲ ਦੇ ਸਰਪੰਚ ਚਰਨਜੀਤ ਥੰਮੂਵਾਲ, ਸੰਢਾਂਵਾਲ ਦੇ ਸਰਪੰਚ ਗੁਰਮੇਜ ਸਿੰਘ ਲਾਲੀ, ਸੀਚੇਵਾਲ ਦੇ ਸਰਪੰਚ ਤਜਿੰਦਰ ਸਿੰਘ ਤੇ ਪੰਚ ਸੁਰਜੀਤ ਸਿੰਘ ਸੈਂਟੀ ਹਾਜ਼ਰ ਸਨ। ਇਸ ਦੌਰਾਨ ਪਿੰਡ ਬਿੱਲੀ ਚਾਓ ਦੀ ਪੰਚਾਇਤ ਨੇ ਅੱਜ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਂਨੈਸਾਂ ਦੇ ਖਿਲਾਫ਼ ਧਰਨਾ ਦਿੱਤਾ। ਸਰਪੰਚ ਬਲਜਿੰਦਰ ਕੌਰ, ਲਖਵੀਰ ਵਾਲੀਆ ਅਤੇ ਰਵਿੰਦਰ ਧਾਲੀਵਾਲ ਨੇ ਖੇਤੀ ਬਿੱਲਾਂ ਨੂੰ ਕਿਸਾਨ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਪੱਖੀ ਦੱਸਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All