ਲਾਜਵੰਤ ਸਿੰਘ/ਸੁਰਜੀਤ ਮਜਾਰੀ
ਨਵਾਂਸ਼ਹਿਰ, 10 ਮਾਰਚ
ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਸੀਟਾਂ ’ਚੋਂ ਦੋ ਬੰਗਾ ਤੇ ਨਵਾਂਸ਼ਹਿਰ ਅਕਾਲੀ-ਬਸਪਾ ਗੱਠਜੋੜ ਦੇ ਹਿੱਸੇ ਆਈਆਂ ਹਨ ਜਦਕਿ ਬਲਾਚੌਰ ਸੀਟ ’ਤੇ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਅਨੁਸਾਰ ਬੰਗਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਡਾ. ਸੁਖਵਿੰਦਰ ਕੁਮਾਰ ਸੁੱਖੀ, ਨਵਾਂਸ਼ਹਿਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਡਾ. ਨਛੱਤਰ ਪਾਲ ਅਤੇ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੰਤੋਸ਼ ਕੁਮਾਰੀ ਕਟਾਰੀਆ ਜੇਤੂ ਐਲਾਨੇ ਗਏ ਹਨ। ਨਵਾਂਸ਼ਹਿਰ ਦੇ ਐੱਸਡੀਐੱਮ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਵਾਂਸ਼ਹਿਰ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਨਛੱਤਰ ਪਾਲ 37031 ਵੋਟਾਂ ਲੈ ਕੇ ਜੇਤੂ ਰਹੇ। ਬੰਗਾ ਦੇ ਐੱਸਡੀਐਮ-ਕਮ-ਰਿਟਰਨਿੰਗ ਅਫ਼ਸਰ ਨਵਨੀਤ ਕੌਰ ਬੱਲ ਨੇ ਦੱਸਿਆ ਕਿ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ 37338 ਵੋਟਾਂ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਬਲਾਚੌਰ ਦੇ ਐੱਸਡੀਐਮ-ਕਮ-ਰਿਟਰਨਿੰਗ ਅਫ਼ਸਰ ਦੀਪਕ ਰੁਹੇਲਾ ਨੇ ਦੱਸਿਆ ਕਿ ਬਲਾਚੌਰ ਸੀਟ ਤੋਂ ਜੇਤੂ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰੀ ਕਟਾਰੀਆ ਨੂੰ 39633 ਵੋਟਾਂ ਮਿਲੀਆਂ ਹਨ।