ਸਾਕਾ ਨੀਲਾ ਤਾਰਾ ਹਮਲੇ ਦੇ ਰੋਸ ਵਜੋਂ ਅੰਮ੍ਰਿਤਸਰ ਬੰਦ ਦਾ ਸੱਦਾ
ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਦਿੱਤਾ ਸੱਦਾ; ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ
ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਜਥੇਬੰਦੀ ਵੱਲੋਂ ਹਮਲੇ ਦੀ 42ਵੀਂ ਵਰੇਗੰਢ ਮੌਕੇ 5 ਜੂਨ ਦੀ ਸ਼ਾਮ ਨੂੰ ਘਲੂਘਾਰਾ ਯਾਦਗਾਰੀ ਮਾਰਚ ਵੀ ਕੱਢਿਆ ਜਾਵੇਗਾ, ਜੋ ਸ਼ਹਿਰ ਦੇ ਪ੍ਰਮੁੱਖ ਹਿੱਸਿਆਂ ਵਿੱਚ ਨਿਕਲਦਾ ਹੋਇਆ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗਾ। ਪਾਰਟੀ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਦਰਬਾਰ ਸਾਹਿਬ ਦੀ ਬੇਹੁਰਮਤੀ, ਨਿਰਦੋਸ਼ਾਂ ਦੇ ਕਤਲੇਆਮ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ ਵਿਰੁੱਧ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਅਸਾਵੀਂ ਜੰਗ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਉੱਤੇ ਹੋਈ ਸੀ, ਨਿਰਦੋਸ਼ਾਂ ਦਾ ਖ਼ੂਨ ਇਸੇ ਧਰਤੀ ਉੱਤੇ ਡੁਲ੍ਹਿਆ ਸੀ, ਇਸ ਲਈ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ ਅਤੇ ਆਵਾਜਾਈ ਨਹੀਂ ਰੋਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੰਦ ਪ੍ਰਤੀ ਲੋਕਾਂ ਵਿੱਚ ਚੇਤਨਤਾ ਪੈਦਾ ਕਰਨ ਦੇ ਮੰਤਵ ਨਾਲ ਦਲ ਖਾਲਸਾ ਵੱਲੋਂ ਇਸ ਸਬੰਧੀ ਜਨਤਕ ਮੁਹਿੰਮ ਦੀ ਸ਼ੁਰੂਆਤ ਪਹਿਲੀ ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿੱਚ ਪੋਸਟਰ ਅਤੇ ਪੈਂਫਲੇਟ ਵੰਡੇ ਜਾਣਗੇ, ਤਾਂ ਜੋ ਲੋਕਾਂ ਨੂੰ ਬੰਦ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਜਾਵੇ ।
ਪਾਰਟੀ ਦੇ ਰਾਜਨੀਤਿਕ ਮਾਮਲਿਆਂ ਦੇ ਸਕੱਤਰ ਕੰਵਰਪਾਲ ਸਿੰਘ ਨੇ ਕਿਹਾ ਕਿ ਅਪਰੇਸ਼ਨ ਬਲੂ ਸਟਾਰ ਦੇ 72 ਘੰਟਿਆਂ ਦੇ ਅੰਦਰ ਸੈਂਕੜੇ ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪਵਿੱਤਰ ਅਸਥਾਨ ’ਤੇ ਫੌਜੀ ਹਮਲਾ ਭਾਰਤ ਦੇ ਅਖੌਤੀ ਲੋਕਤੰਤਰੀ ਤਾਣੇ-ਬਾਣੇ ਦੇ ਅਕਸ ’ਤੇ ਧੱਬਾ ਹੈ। ਉਨ੍ਹਾਂ ਮੰਗ ਕੀਤੀ ਕਿ ਫੌਜੀ ਹਮਲੇ ਨਾਲ ਸਬੰਧਤ ਸਰਕਾਰੀ ਫਾਈਲਾਂ ਨੂੰ ਜਨਤਕ ਕੀਤਾ ਜਾਵੇ ਅਤੇ ਸੰਯੁਕਤ ਰਾਸ਼ਟਰ ਅਧੀਨ ਇਸ ਦੀ ਅੰਤਰਰਾਸ਼ਟਰੀ ਏਜੰਸੀ ਕੋਲੋਂ ਜਾਂਚ ਕਰਵਾਈ ਜਾਵੇ। ਇਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਕੱਤਰ ਰਣਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

