ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ਅਪਨਾਉਣ ਦਾ ਸੱਦਾ
ਡੀ ਏ ਵੀ ਯੂਨੀਵਰਸਿਟੀ ਵਿੱਚ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਸੈਮੀਨਾਰ; ਮੰਤਰੀ ਰਵਜੋਤ ਸਿੰਘ ਨੇ ਕੀਤੀ ਸ਼ਿਰਕਤ
Advertisement
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨੌਜਵਾਨਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ, ਜੋ ਸਮੁੱਚੀ ਮਨੁੱਖਤਾ ਲਈ ਅੱਜ ਵੀ ਰਾਹ ਦਸੇਰਾ ਹਨ। ਉਹ ਇੱਥੇ ਡੀ ਏ ਵੀ ਯੂਨੀਵਰਸਿਟੀ ਵਿੱਚ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰ ਰਹੇ ਸਨ। ਡਾ. ਰਵਜੋਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੀ ਭਲਾਈ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ, ਜਿਸ ਦੀ ਮਿਸਾਲ ਪੂਰੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਇਸ ਮੌਕੇ ਗੁਰੂ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਵੱਲੋਂ ਦਿੱਤੀ ਸ਼ਹਾਦਤ ਬਾਰੇ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਚਾਰ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇੱਕ ਨਗਰ ਕੀਰਤਨ 19 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸਜਾਇਆ ਜਾਵੇਗਾ ਅਤੇ ਬਾਕੀ ਤਿੰਨ ਨਗਰ ਕੀਰਤਨ ਫਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਤੋਂ ਸਜਾਏ ਜਾਣਗੇ। ਇਨ੍ਹਾਂ ਵਿਚੋਂ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਹਰ ਜ਼ਿਲ੍ਹੇ ਵਿੱਚ ਪਹੁੰਚਣ ’ਤੇ ਨਗਰ ਕੀਰਤਨ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਵੀ ਦਿੱਤਾ ਜਾਵੇਗਾ। ਉਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਰਧਾ ਭਾਵਨਾ ਨਾਲ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।
Advertisement
Advertisement
