Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ‘ਆਪ’ ਆਗੂ ਦੇ ਘਰ ਅੱਗੇ ਮੁਜ਼ਾਹਰਾ
ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਅੱਜ ਆਮ ਆਦਮੀ ਪਾਰਟੀ ਦੇ ਤਰਜਮਾਨ ਅਤੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਨਾਅਰੇਬਾਜ਼ੀ...
ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਅੱਜ ਆਮ ਆਦਮੀ ਪਾਰਟੀ ਦੇ ਤਰਜਮਾਨ ਅਤੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਦੀ ਸੂਬਾ ਜਨਰਲ ਸਕੱਤਰ ਹਰਪ੍ਰੀਤ ਕੌਰ ਸਿੰਘਪੁਰਾ, ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਅਤੇ ਮੀਤ ਪ੍ਰਧਾਨ ਬਲਜਿੰਦਰ ਕੌਰ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਸਕੱਤਰ ਸੁਰਿੰਦਰ ਕੌਰ, ਪ੍ਰੈੱਸ ਸਕੱਤਰ ਗੁਰਜਿੰਦਰ ਕੌਰ, ਬਲਾਕ ਸਕੱਤਰ ਪ੍ਰੋਮਿਲਾ, ਕੈਸ਼ੀਅਰ ਸੁਦੇਸ਼, ਕਵਲਜੀਤ ਕੌਰ ਅਹਿਮਦਾਬਾਦ, ਪਲਵਿੰਦਰ ਕੌਰ, ਕਮਲਪ੍ਰੀਤ ਕੌਰ, ਸ਼ੁਭਪ੍ਰੀਤ ਕੌਰ, ਮਨਪ੍ਰੀਤ ਕੌਰ, ਰਜਵੰਤ ਕੌਰ ਅਤੇ ਪਰਮ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ, ਕਰੈੱਚ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ।
ਜਗਰੂਪ ਸਿੰਘ ਸੇਖਵਾਂ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੀ ਮਾਤਾ ਬੀਬੀ ਅਮਰਜੀਤ ਕੌਰ ਸੇਖਵਾਂ ਨੇ ਬਾਹਰ ਆ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਆਗੂਆਂ ਨੇ ਉਨ੍ਹਾਂ ਨੂੰ ਜਗਰੂਪ ਸੇਖਵਾਂ ਦੇ ਨਾਂ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਮੁਤਾਬਕ ਆਂਗਣਵਾੜੀ, ਕਰੈੱਚ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਤੁਰੰਤ ਦੁੱਗਣਾ ਕਰੇ। ਭਖਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਜਥੇਬੰਦੀ ਦੀ ਮੀਟਿੰਗ ਕਰਵਾਉਣ ਦੀ ਮੰਗ ਵੀ ਰੱਖੀ ਗਈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

