ਪੱਤਰ ਪ੍ਰੇਰਕ
ਫਗਵਾੜਾ, 5 ਅਗਸਤ
ਫਗਵਾੜਾ ਸ਼ੂਗਰ ਮਿੱਲ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਹੁਣ 8 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਅੱਜ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ ਮੁਸਾਪੂਰ ਤੇ ਕਾਲਾ ਸਰਪੰਚ ਅਠੋਲੀ ਦੀ ਅਗਵਾਈ ’ਚ ਸੂਖਚੈਨਆਣਾ ਸਾਹਿਬ ਗੁਰਦੁਆਰਾ ਵਿਖੇ ਹੋਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਪਿਛਲੇ ਕਰੀਬ ਤਿੰਨ ਸਾਲ ਲਟਕੀ ਪਈ ਹੈ। ਕਿਸਾਨ ਆਗੂ ਕੁਲਵਿੰਦਰ ਕਾਲਾ ਸਰਪੰਚ ਅਠੋਲੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ 28 ਜੂਨ ਨੂੰ ਧਰਨੇ ਦਾ ਸੱਦਾ ਦਿੱਤਾ ਗਿਆ ਸੀ ਪਰ ਉਸ ਸਮੇਂ ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਭਰੋਸੇ ਤੋਂ ਬਾਅਦ ਇਹ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਸੀ। ਫ਼ਿਰ ਮੁੜ 18 ਜੁਲਾਈ ਨੂੰ ਹੜਤਾਲ ਦੀ ਕਾਲ ਦਿੱਤੀ ਸੀ ਪਰ ਕੈਬਨਿਟ ਮੰਤਰੀ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਕਾਲ ਮੁਲਤਵੀ ਕਰ ਦਿੱਤੀ ਸੀ ਤੇ ਹੁਣ ਮੁੱਖ ਮੰਤਰੀ ਪੰਜਾਬ ਨਾਲ ਵੀ ਮੀਟਿੰਗ ਹੋ ਚੁੱਕੀ ਹੈ ਪਰ ਸਰਕਾਰ ਕਿਸਾਨਾਂ ਦਾ ਹੱਲ ਕੱਢਣ ’ਚ ਪੂਰੀ ਤਰ੍ਹਾਂ ਅਸਫ਼ਲ ਹੀ ਰਹੀ ਹੈ ਤੇ ਆਏ ਦਿਨ ਕਿਸਾਨਾਂ ਨੂੰ ਲਾਅਰੇ ਲੱਪੇ ਲੱਗਾ ਰਹੀ ਹੈ।