ਹਤਿੰਦਰ ਮਹਿਤਾ
ਆਦਮਪੁਰ ਦੋਆਬਾ, 19 ਮਈ
ਪਿਛਲੇ ਕਾਫ਼ੀ ਸਮੇਂ ਤੋਂ ਨਗਰ ਕੌਂਸਲ ਆਦਮਪੁਰ ਦੇ ਸਫਾਈ ਸੇਵਕਾਂ ਵੱਲੋਂ ਨਗਰ ਕੌਂਸਲ ਅਧਿਕਾਰੀਆਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਦਰਸ਼ਨ ਸਿੰਘ ਕਰਵਲ ਅਤੇ ਸਮੂਹ ਕੌਂਸਲਰਾਂ ਨੂੰ ਸਫਾਈ ਸੇਵਕਾਂ ਨੂੰ ਕੰਟਰੈਕਟ ’ਤੇ ਕਰਨ ਸਬੰਧੀ ਜਲਦ ਨਿਯੁਕਤੀ ਪੱਤਰ ਦੇਣ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆਂ ਨਗਰ ਕੌਂਸਲ ਆਦਮਪੁਰ ਵੱਲੋਂ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਨੂੰ ਜਲਦੀ ਪੂਰਾ ਕਰਨ ਸਬੰਧੀ ਕਿਹਾ ਗਿਆ ਸੀ। ਇਸ ਮੰਗ ਸਬੰਧੀ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਸਹਿਯੋਗ ਨਾਲ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਰਸ਼ਨ ਸਿੰਘ ਕਰਵਲ ਦੇ ਯਤਨਾਂ ਸਦਕਾ 13 ਸਫਾਈ ਕਰਮਚਾਰੀਆਂ ਰਾਕੇਸ਼ ਕੁਮਾਰ, ਸੁਰਿੰਦਰਪਾਲ, ਸੰਜੀਵ ਕੁਮਾਰ, ਦੀਪਕ, ਤਿਲਕ ਰਾਜ, ਦੀਪਕ ਕੁਮਾਰ, ਬਲਵਿੰਦਰ ਕੁਮਾਰ, ਸੁਖਵਿੰਦਰ, ਜੀਵਨ ਕੁਮਾਰ, ਸੰਦੀਪ, ਨਿਰਮਲ ਕੁਮਾਰ, ਗੁਰਪ੍ਰੀਤ ਹੰਸ ਅਤੇ ਹੰਸ ਰਾਜ ਨੂੰ ਨਗਰ ਕੌਂਸਲ ਆਦਮਪੁਰ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ ਨੇ ਕਿਹਾ ਕਿ ਬਾਕੀ ਰਹਿੰਦੇ ਸਫਾਈ ਸੇਵਕਾਂ ਅਤੇ ਹੋਰ ਅਸਾਮੀਆਂ ਲਈ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਦੇਖਦੇ ਹੋਏ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।