ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੀ ਡੀਸੀ ਵਜੋਂ ਅਹੁਦਾ ਸੰਭਾਲਿਆ
ਪੱਤਰ ਪ੍ਰੇਰਕ ਹੁਸ਼ਿਆਰਪੁਰ, 25 ਫ਼ਰਵਰੀ ਪੰਜਾਬ ਕਾਡਰ ਦੇ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ...
ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਫ਼ਰਵਰੀ
ਪੰਜਾਬ ਕਾਡਰ ਦੇ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ, ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ, ਨਾਗਰਿਕ ਸੇਵਾਵਾਂ ਨੂੰ ਹੋਰ ਵੀ ਬਿਹਤਰ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਹੁੰਚਣ ’ਤੇ ਆਸ਼ਿਕਾ ਜੈਨ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਐੱਸਐੱਸਪੀ, ਵਧੀਕ ਡਿਪਟੀ ਕਮਿਸ਼ਨਰ, ਐੱਸਡੀਐੱਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਅਹਿਮ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਨਤਾ ਅਤੇ ਭ੍ਰਿਸ਼ਟ ਸਰਗਰਮੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਸ਼ਿਕਾ ਜੈਨ ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸਨ।