ਪੱਤਰ ਪ੍ਰੇਰਕ
ਫਗਵਾੜਾ, 18 ਜੁਲਾਈ
ਕਿਸਾਨਾਂ ਦੀ ਗੰਨਾ ਮਿੱਲਾਂ ਵਲੋਂ ਬਕਾਇਆ ਰਾਸ਼ੀ ਦੇ ਮਾਮਲੇ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਚ ਕਿਸਾਨਾਂ ਦੀ ਮੀਟਿੰਗ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਜਿਸ ’ਚ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਬਕਾਇਆ ਰਾਸ਼ੀ 10 ਤੋਂ 15 ਦਿਨਾਂ ’ਚ ਜਾਰੀ ਕਰਵਾ ਦਿੱਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੋਲੀ ਨੇ ਦੱਸਿਆ ਕਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕਰੀਬ 6 ਸਾਲ ਤੋਂ ਭੂਨਾ ਮਿੱਲ ਜਿਸ ਵੱਲ ਕਿਸਾਨਾਂ ਦੀ ਕਰੀਬ 24 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਖੜ੍ਹੀ ਹੈ ਉਸ ਨੂੰ ਕਿਸਾਨਾਂ ਨੂੰ ਦੁਆਉਣ ਲਈ ਡੀ.ਸੀ. ਕਪੂਰਥਲਾ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜਲਦੀ ਮਿੱਲ ਦੀ ਰਜਿਸਟਰੀ ਕਰਵਾ ਕੇ ਰਾਸ਼ੀ ਕਿਸਾਨਾਂ ਦੇ ਖਾਤਿਆਂ ’ਚ ਪੁਆਈ ਜਾਵੇ। ਮਿੱਲ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦੀ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਰਨ। ਵਰਨਣਯੋਗ ਹੈ ਕਿ ਕਿਸਾਨਾਂ ਵਲੋਂ ਬਕਾਇਆ ਰਾਸ਼ੀ ਨੂੰ ਲੈ ਕੇ ਅੱਜ ਸ਼ੂਗਰ ਮਿੱਲ ਚੌਂਕ ਵਿਖੇ ਜੀ.ਟੀ.ਰੋਡ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਕਿਸਾਨਾਂ ਦੀ ਮੀਟਿੰਗ ਮੰਤਰੀ ਨਾਲ ਕਰਵਾਉਣ ਦੇ ਭਰੋਸੇ ਮਗਰੋਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।