ਔਜਲਾ ਵੱਲੋਂ ਓਬੀਸੀ ਭਲਾਈ ਕਮੇਟੀ ਦੀ ਮੀਟਿੰਗ ’ਚ ਸ਼ਿਰਕਤ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਓਬੀਸੀ ਭਲਾਈ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲਿਆ। ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਜਨਤਕ ਖੇਤਰ ਦੇ ਅਦਾਰਿਆਂ ਅਤੇ ਇੰਡੀਆ ਪੋਸਟ ਪੇਮੈਂਟਸ ਬੈਂਕ ਵਰਗੇ ਸੰਬੰਧਿਤ ਸੰਗਠਨਾਂ ਵਿੱਚ ਭਰਤੀ ਅਤੇ ਸੇਵਾ ਸ਼ਰਤਾਂ ਵਿੱਚ ਓਬੀਸੀ ਦੀ ਢੁਕਵੀਂ ਪ੍ਰਤੀਨਿਧਤਾ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਡਾਕ ਵਿਭਾਗ ਦੁਆਰਾ ਚੁੱਕੇ ਜਾ ਰਹੇ ਕਦਮਾਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਇੰਡੀਆ ਪੋਸਟ ਪੇਮੈਂਟਸ ਬੈਂਕ ਵਿੱਚ ਓਬੀਸੀ ਭਾਈਚਾਰੇ ਲਈ ਅਹਿਮ ਵਿਵਸਥਾਵਾਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਾਕ ਵਿਭਾਗ ਵਿੱਚ ਸਿੱਧੀ ਭਰਤੀ ਵਿੱਚ ਓਬੀਸੀ ਲਈ 27 ਪ੍ਰਤੀਸ਼ਤ ਰਾਖਵੇਂਕਰਨ ਦੀ ਵਿਵਸਥਾ ਕੀਤੀ ਗਈ ਹੈ। ਵਿਭਾਗ ਨੇ ਓਬੀਸੀ ਉਮੀਦਵਾਰਾਂ ਨੂੰ ਉਮਰ ਸੀਮਾ ਅਤੇ ਯੋਗਤਾ ਅੰਕਾਂ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ। ਰਿਜ਼ਰਵੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ, ਸੰਪਰਕ ਅਧਿਕਾਰੀਆਂ ਨੂੰ ਰੋਸਟਰ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਓਬੀਸੀ ਕਰਮਚਾਰੀਆਂ ਦੇ ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਕਾਲਰਸ਼ਿਪ ਯੋਜਨਾ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਗ੍ਰਾਮੀਣ ਡਾਕ ਸੇਵਕਾਂ ਸਣੇ ਸਾਰੇ ਕਰਮਚਾਰੀਆਂ ਲਈ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ’ਤੇ ਸਹਿਮਤੀ ਬਣੀ।