ਪਿੰਡ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾਵੇ: ਕਟਾਰੀਆ
ਰਾਜਪਾਲ ਨੇ ਪੇਂਡੂ ਰੱਖਿਆ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਵਿਲੇਜ ਡਿਫੈਂਸ ਕਮੇਟੀ (ਵੀ ਡੀ ਸੀ) ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਪਿੰਡ ਪੱਧਰ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨਸ਼ਾ ਤਸਕਰੀ ਰੋਕਣ ਲਈ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ। ਰਾਜਪਾਲ ਨੇ ਕਿਹਾ ਕਿ ਵੀ ਡੀ ਸੀ ਮੈਂਬਰ ਪਿੰਡਾਂ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਨੂੰ ਸਚੇਤ ਕਰਨ ਅਤੇ ਸ਼ਾਂਤੀਪੂਰਨ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ।
ਉਨ੍ਹਾਂ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਨਕਾਰਾਤਮਕ ਰੁਝਾਨਾਂ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪਿੰਡ ਪੱਧਰ ’ਤੇ ਸੁਰੱਖਿਆ ਅਤੇ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ। ਰਾਜਪਾਲ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਚੌਕਸੀ ਨਾਲ ਹੀ ਅਪਰਾਧ ਅਤੇ ਨਸ਼ਾ ਤਸਕਰੀ ’ਤੇ ਰੋਕ ਲਗਾਈ ਜਾ ਸਕਦੀ ਹੈ।

