ਪੱਤਰ ਪ੍ਰੇਰਕ
ਹੁਸ਼ਿਆਰਪੁਰ, 23 ਫ਼ਰਵਰੀ
ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਸਥਾਨ ਮੈੜੀ ਵਿਖੇ ਸਥਿਤ ਬਾਬਾ ਵਡਭਾਗ ਸਿੰਘ ਮੇਲੇ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਜ਼ਿਲ੍ਹਾ ਊਨਾ ਦੇ ਡਿਪਟੀ ਕਮਿਸ਼ਨਰ ਦੁਆਰਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਹਦਾਇਤਾਂ ਮੁਤਾਬਿਕ ਭਾਰ ਢੋਣ ਵਾਲੇ ਵਾਹਨਾਂ ਰਾਹੀਂ ਸ਼ਰਧਾਲੂ ਲੈ ਕੇ ਮੇਲੇ ਵਿਚ ਸ਼ਾਮਿਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਵਾਹਨਾਂ ਨੂੰ ਸੰਗਤ ਲੈ ਕੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ (ਊਨਾ) ਰਾਘਵ ਸ਼ਰਮਾ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਭਾਰਤ ਦੇ ਹੋਰਨਾਂ ਰਾਜਾਂ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਟਰੱਕਾਂ, ਟਰੈਕਟਰ ਟਰਾਲੀਆਂ ਆਦਿ ਰਾਹੀਂ ਬਾਬਾ ਵਡਭਾਗ ਸਿੰਘ ਮੇਲੇ ਵਿਚ ਸ਼ਾਮਲ ਹੋਣ ਲਈ ਆਉਂਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਇਨ੍ਹਾਂ ਵਾਹਨਾਂ ਰਾਹੀਂ ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 10 ਤੋਂ 21 ਮਾਰਚ ਤੱਕ ਚੱਲਣ ਵਾਲੇ ਬਾਬਾ ਵਡਭਾਗ ਸਿੰਘ ਮੇਲੇ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਝੰਡੇ ਦੀ ਰਸਮ 18 ਮਾਰਚ ਨੂੰ ਹੋਵੇਗੀ ਅਤੇ ਪ੍ਰਸਾਦ 20 ਮਾਰਚ ਨੂੰ ਵੰਡਿਆ ਜਾਵੇਗਾ। ਉਨ੍ਹਾਂ ਮੇਲੇ ’ਚ ਸ਼ਾਮਲ ਹੋਣ ਵਾਲਿਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਦੀ ਅਪੀਲ ਕੀਤੀ।