ਅੰਮ੍ਰਿਤਸਰ ਵਿੱਚ ਬਲਬੀਰ ਤੇ ਜਲੰਧਰ ’ਚ ਸੌਂਦ ਨੇ ਤਿਰੰਗਾ ਲਹਿਰਾਇਆ
ਦੇਸ਼ ਦੀ ਆਜ਼ਾਦੀ ਦੀ 79ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਮੰਤਰੀ ਡਾਕਟਰ ਬਲਬੀਰ ਨੇ ਤਿਰੰਗਾ ਲਹਿਰਾਇਆ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾ ਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਜਾਵੇਗਾ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਕੈਬਨਿਟ ਮੰਤਰੀ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਕੈਬਨਿਟ ਮੰਤਰੀ ਨੇ ਦੁਨੀਆ ਦੇ ਕੋਨੇ-ਕੋਨੇ ਵਿੱਚ ਵੱਸਦੇ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ। ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਸਰਵਣਜੀਤ ਸਿੰਘ ਵੱਲੋਂ ਕੀਤੀ ਗਈ।
ਤਰਨ ਤਾਰਨ (ਗੁਰਬਖਸ਼ਪੁਰੀ): ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਤੇ ਇਥੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਤਰਨ ਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿੱਚ ਕੀਤੇ ਸਮਾਗਮ ਵਿੱਚ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਸਲਾਮੀ ਲਈ। ਮੰਤਰੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ|ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਟ ਕੀਤੇ। ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਉਨ੍ਹਾਂ ਖੇਮਕਰਨ ਇਲਾਕੇ ਅੰਦਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੁਰਖਿਆ ਦੇ ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ।
ਪਠਾਨਕੋਟ(ਐੱਨਪੀ ਧਵਨ): ਸਥਾਨਕ ਸਰਕਾਰ ਅਤੇ ਸੰਸਦੀ ਕਾਰਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਆਜ਼ਾਦੀ ਦਿਹਾੜੇ ਤੇ ਜ਼ਿਲ੍ਹਾ ਪਠਾਨਕੋਟ ਦੇ ਸਪੋਰਟਸ ਸਟੇਡੀਅਮ ਵਿੱਚ ਕੀਤੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਤੇ ਮੁੱਖ ਮਹਿਮਾਨ ਵੱਜੋਂ ਹਾਜ਼ਰ ਹੋ ਕੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਂ ਸੰਦੇਸ ਪੜ੍ਹਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲਭਧੀਆਂ ਦਾ ਵਿਸਤਾਰ ਨਾਲ ਵਰਨਣ ਕੀਤਾ ਅਤੇ ਅੰਤ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।
ਹੁਸ਼ਿਆਰਪੁਰ ’ਚ ਮੋਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ
ਹੁਸ਼ਿਆਰਪੁਰ (ਜਗਜੀਤ ਸਿੰਘ/ ਹਰਪ੍ਰੀਤ ਕੌਰ): ਇੱਥੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੁਲੀਸ ਲਾਈਨ ਗਰਾਊਂਡ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀਐੱਸਪੀ ਮਨਪ੍ਰੀਤ ਕੌਰ ਸ਼ੀਮਾਰ ਸਣੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾਈਕਲ ਅਤੇ ਵੀਲ੍ਹ ਚੇਅਰਾਂ ਸੌਂਪੀਆਂ। ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ।
ਖਟਕੜ ਕਲਾਂ ’ਚ ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ
ਨਵਾਂ ਸ਼ਹਿਰ (ਸੁਰਜੀਤ ਮਜਾਰੀ): ਇੱਥੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ’ਤੇ ਇਤਿਹਾਸਕ ਉਪਰਾਲੇ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਪਹਿਲਾਂ ਖਟਕੜ ਕਲਾਂ ਵਿੱਚ ਪਹੁੰਚ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਆਈਟੀਆਈ ਵਿੱਚ ਪਹੁੰਚ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਂਗਨਵਾੜੀ ਸੈਂਟਰਾਂ ਨੂੰ ਮਜ਼ਬੂਤ ਕਰਨ ਲਈ 5000 ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਜਾ ਰਹੀ ਹੈ ਜਿਸ ਦੀ ਪ੍ਰਕਿਰਿਆ ਸਤੰਬਰ ਮਹੀਨੇ ਵਿੱਚ ਸ਼ੁਰੂ ਕੀਤੀ ਜਾਵੇਗੀ।