ਪਾਲ ਸਿੰਘ ਨੌਲੀ
ਜਲੰਧਰ, 25 ਜੁਲਾਈ
ਦੇਸ਼ ਦੇ ਪਲੀਤ ਹੋ ਚੁੱਕੇ ਦਰਿਆਵਾਂ ਲਈ ਰਾਹ ਦਸੇਰਾ ਬਣੀ ਬਾਬੇ ਨਾਨਕ ਦੀ ਚਰਨਛੋਹ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ ਸੁਲਤਾਨਪੁਰ ਲੋਧੀ ਵਿੱਚ ਮਨਾਈ ਗਈ 21ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਡੂੰਘੇ ਹੋ ਰਹੇ ਪਾਣੀਆਂ ਅਤੇ ਸੁੱਕ ਰਹੇ ਦਰਿਆਵਾਂ ਬਾਰੇ ਫਿਕਰਮੰਦੀ ਜ਼ਾਹਰ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਇੱਕਸੁਰ ਹੁੰਦਿਆਂ ਕਿਹਾ ਕਿ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਹੰਭਲਾ ਮਾਰਿਆ ਜਾਵੇ। ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ 21 ਸਾਲਾਂ ਦੀ ਕਾਰ ਸੇਵਾ ਵਿੱਚ ਸੰਗਤਾਂ ਵੱਲੋਂ ਪਾਏ ਗਏ ਨਿਸ਼ਕਾਮ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਕ ਪਾਰਟੀਆਂ ਨੂੰ ਵਾਤਾਵਰਨ ਦੇ ਮੁੱਦੇ ਨੂੰ ਰਾਜਸੀ ਮੁੱਦਾ ਬਣਾਉਣ ਦੀ ਮੰਗ ਕਰਨ ਤਾਂ ਜੋ ਸਾਫ਼ ਹਵਾ ਤੇ ਪਾਣੀ ਨੂੰ ਬਚਾਇਆ ਜਾ ਸਕੇ। ਖੇਤੀ ਮਾਮਲਿਆਂ ਦੇ ਮਾਹਿਰ ਦਵਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦਾ ਵੱਡਾ ਸੰਕਟ ਖੜ੍ਹਾ ਹੁੰਦਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸੰਤ ਸੀਚੇਵਾਲ ਜੀ ਵੱਲੋਂ ਪਿਛਲੇ 20 ਸਾਲਾਂ ਤੋਂ ਕੀਤੀ ਗਈ ਅਣਥੱਕ ਘਾਲਣਾ ਹੀ ਜਿਹੜਾ ਅੱਜ ਇਸ ਅਸਥਾਨ ਤੇ ਪੂਰੇ ਦੇਸ਼ ਤੋਂ ਲੋਕ ਦੇਖਣ ਲਈ ਆ ਰਹੇ ਹਨ। ਡਾ. ਨਿਰਮਲ ਸਿੰਘ ਲਾਂਬੜਾ ਨੇ ਕਿਹਾ ਕਿ ਕਾਰ ਸੇਵਾ ਦੇ 21 ਸਾਲਾਂ ਨੇ ਪੰਜਾਬ ਦਾ ਮੂੰਹ ਮੱਥਾ ਸੰਵਾਰਿਆ ਹੈ। ਇਸ ਮੌਕੇ ਨਿਰਮਲਾ ਪੰਚਾਇਤੀ ਅਖਾੜਾ ਕਨਖਲ ਤੋਂ ਸ੍ਰੀ ਮਹੰਤ ਗਿਆਨੀ ਗਿਆਨ ਦੇਵ ਸਿੰਘ , ਦਰਬਾਰ ਸੰਪਰਦਾ ਦੇ ਮੁਖੀ ਸੰਤ ਜਗਜੀਤ ਸਿੰਘ, ਬਿਧੀਚੰਦ ਸੰਪ੍ਰਦਾ ਦੇ ਮੁਖੀ ਸੰਤ ਅਵਤਾਰ ਸਿੰਘ ਸੁਰ ਸਿੰਘ ਵਾਲਾ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹਰਜਿੰਦਰ ਸਿੰਘ ਸੀਚੇਵਾਲ ਆਦਿ ਹਾਜ਼ਰ ਸਨ। ਇਸ ਮੌਕੇ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ।