ਬਲਬੀਰ ਸਿੰਘ ਸੀਚੇਵਾਲ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ
ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਿਸਾਨਾਂ ਸਮੇਤ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ। ਰਾਜ ਸਭਾ ਮੈਂਬਰ, ਜਿਨ੍ਹਾਂ ਨਾਲ ਐੱਸਡੀਐੱਮ ਆਦਮਪੁਰ ਵਿਵੇਕ ਕੁਮਾਰ ਮੋਦੀ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੀਆਂ ਜਿਹੜੀਆਂ ਵੀ ਨੋਚਾਂ ਸੰਵੇਦਨਸ਼ੀਲ ਹਨ, ਉਨ੍ਹਾਂ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ, ਤਾਂ ਜੋ ਜੇਕਰ ਕੋਈ ਹੜ੍ਹ ਵਰਗੇ ਹਾਲਾਤ ਪੈਦਾ ਹੁੰਦੇ ਹਨ ਤਾਂ ਬੰਨ੍ਹ ਨੂੰ ਕੋਈ ਨੁਕਸਾਨ ਨਾ ਪਹੁੰਚੇ। ਸੰਤ ਸੀਚੇਵਾਲ ਵੱਲੋਂ ਅਧਿਕਾਰੀਆਂ ਸਣੇ ਦਰਿਆ ਦੇ ਨਾਲ ਲੱਗਦੇ ਪਿੰਡ ਜਿਆਣੀਆਂ, ਗੱਟਾ ਮੁੰਡੀ ਕੱਸੂ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ’ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਰਾਜ ਸਭਾ ਮੈਂਬਰ ਨੇ ਦੱਸਿਆ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਧੁੱਸੀ ਬੰਨ੍ਹ ’ਤੇ ਕਈ ਸਾਲਾਂ ਤੋਂ ਪੱਕੀ ਸੜਕ ਬਣਾਉਣ ਦੀ ਜੋ ਮੰਗ ਕੀਤੀ ਜਾ ਰਹੀ ਸੀ, ਉਹ ਹੁਣ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਬਣਾਉਣ ਲਈ ਜਲਦ ਟੈਂਡਰ ਖੁੱਲ੍ਹ ਰਹੇ ਹਨ।
ਇਸ ਦੌਰਾਨ ਸੰਤ ਸੀਚੇਵਾਲ ਨੇ ਇਲਾਕੇ ਦੇ ਕਿਸਾਨਾਂ ਦੀ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਅਮਲ ਵਿੱਚ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ, ਜਿਸ ਤਹਿਤ ਰਾਜ ਸਰਕਾਰ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਅਗੇਤੇ ਪ੍ਰਬੰਧ ਯਕੀਨੀ ਬਣਾਉਣ ਲਈ ਪਹਿਲਾਂ ਹੀ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਐੱਸਡੀਐਮ ਸ਼ਾਹਕੋਟ ਸ਼ੁਭੀ ਆਂਗਰਾ, ਡਰੇਨੇਜ਼ ਵਿਭਾਗ ਦੇ ਐਕਸੀਅਨ ਸਰਤਾਜ ਸਿੰਘ, ਤਹਿਸੀਲਦਾਰ ਸ਼ਾਹਕੋਟ ਮਨਿੰਦਰ ਸਿੰਘ ਸਿੱਧੂ ,ਬੀਡੀਪੀਓ ਪਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ।