ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਾ ਹੋਣ ਕਾਰਨ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ 60 ਦਿਨਾਂ ਵਾਸਤੇ ਲਗਾਈ ਗਈ ਹੈ ਤਾਂ ਜੋ ਵਧੀਆ ਗੁਣਵਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮ.ਆਰ.ਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਬਾਸਮਤੀ ਦੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸ਼ਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ’ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਨੱਥ ਪਾਉਣ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਿਸ਼ ਕੀਤੀ ਹੈ ਜੋ ਬਾਜ਼ਾਰ ਵਿੱਚ ਉਪਲਬਧ ਹਨ।