ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ’ਤੇ ਹੋਏ ਲਾਠੀਚਾਰਜ ਮਾਮਲੇ ਸਬੰਧੀ ਪੰਜਾਬ ਸਰਕਾਰ ਕੋਲੋਂ ਰਿਪੋਰਟ ਮੰਗੀ ਹੈ। ਇਹ ਜਾਣਕਾਰੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਦਿੱਤੀ। ਉਹ ਅੱਜ ਅੰਮ੍ਰਿਤਸਰ ਦੌਰੇ ’ਤੇ ਆਏ ਹੋਏ ਹਨ, ਜਿਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਵੀ ਨਤਮਸਤਕ ਹੋਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯੰਕ ਕਾਨੂੰਨਗੋ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਸ਼ਿਕਾਇਤ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ ਤਫ਼ਸੀਲ ’ਚ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਉਹ ਖ਼ੁਦ ਵੀ ਬਰਨਾਲਾ ਦਾ ਦੌਰਾ ਕਰਕੇ ਪੀੜਤ ਸਫ਼ਾਈ ਕਰਮਚਾਰੀਆਂ ਨੂੰ ਮਿਲਣਗੇ ਅਤੇ ਘਟਨਾ ਦੀ ਹਕੀਕਤ ਦਾ ਜਾਇਜ਼ਾ ਲੈਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਉੱਪਰ ਹੋਇਆ ਲਾਠੀਚਾਰਜ ਬਹੁਤ ਗੰਭੀਰ ਮਾਮਲਾ ਹੈ। ਜਾਂਚ ਦੌਰਾਨ ਕਿਸੇ ਵੀ ਅਧਿਕਾਰੀ ਜਾਂ ਹੋਰ ਵਿਅਕਤੀ ਦੀ ਜਵਾਬਦੇਹੀ ਸਾਹਮਣੇ ਆਈ ਤਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕਾਨੂੰਨ ਅਨੁਸਾਰ ਕਾਰਵਾਈ ਕਰੇਗਾ।ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਮਕਬੂਲਪੁਰਾ, ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਅਤੇ ਸ੍ਰੀ ਰਾਮਤੀਰਥ ਵਿਖੇ ਪਹੁੰਚ ਕੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ। ਉਨ੍ਹਾਂ ਨੇ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਮੁਸ਼ਕਲਾਂ ਸੁਣੀਆਂ ਤੇ ਹੱਲ ਦਾ ਭਰੋਸਾ ਦਿੱਤਾ।