ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 4 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਖੇਤੀਬਾੜੀ ਸੈਕਟਰ ਅਤੇ ਬਿਜਲੀ ਪ੍ਰਾਈਵੇਟ ਕਰਨ ਦੇ ਵਿਰੋਧ ਵਿੱਚ ਟਾਂਡਾ ਰੋਡ ਤੋਂ ਸ੍ਰੀ ਹਰਗੋਬਿੰਦਪੁਰ ਰੋਡ ’ਤੇ ਬਿਆਸ ਪੁਲ ਜਾਮ ਕਰ ਕੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ ਅਤੇ ਕਸ਼ਮੀਰ ਸਿੰਘ ਫੱਤਾ ਕੁੱਲਾ ਨੇ ਕਿਹਾ ਕਿ ਸਰਕਾਰ ਨੇ ਖੇਤੀ ਸੈਕਟਰ ਪ੍ਰਾਈਵੇਟ ਕਰ ਕੇ ਕਿਸਾਨ ਮਜ਼ਦੂਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਪਹਿਲਾਂ ਹੀ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਹੁਣ ਅਜਿਹਾ ਕਰਕੇ ਸਰਕਾਰਾਂ ਵੱਲੋਂ ਕਿਸਾਨਾਂ ਦਾ ਗਲ ਘੁੱਟਿਆ ਜਾ ਰਿਹਾ ਹੈ। ਊਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗਾਂ ’ਤੇ ਜੇ ਪੰਜਾਬ ਅਤੇ ਕੇਂਦਰ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਕਿਸਾਨ ਸੰਘਰਸ਼ ਕਮੇਟੀ ਸਖ਼ਤ ਵਿਰੋਧ ਕਰੇਗੀ ਅਤੇ ਕਿਸਾਨ ਸੜਕਾਂ ਤੇ ਆਉਣਗੇ। ਇਸ ਮੌਕੇ ਜੋਗਿੰਦਰ ਸਿੰਘ,ਸੁਰਿੰਦਰ ਸਿੰਘ,ਰਾਜਾ ਸੈਣੀ,ਮਿਹਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ ਮਾੜੀ ਬੁੱਚਿਆਂ ਆਦਿ ਹਾਜ਼ਰ ਸਨ।
ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਪ੍ਰਦਰਸ਼ਨ ਕਰਨ ਦਾ ਐਲਾਨ
ਜਲੰਧਰ (ਨਿੱਜੀ ਪੱਤਰ ਪੇ੍ਰਕ): ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 6 ਜੂਨ ਨੂੰ ਕਿਸਾਨੀ ਜਿਣਸਾਂ ਦੇ ਭਾਅ ਅਤੇ ਕਰਜ਼ਾ ਮੁਕਤੀ ਲਈ ਲੜਦਿਆਂ 2017 ਵਿਚ ਸ਼ਹੀਦ ਹੋਏ ਮਦਸੌਰ (ਮੱਧ ਪ੍ਰਦੇਸ਼) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕੇਂਦਰ ਸਰਕਾਰ ਵੱਲੋਂ ਸਾਉਣੀ 2020 ਦੇ ਕਿਸਾਨਾਂ ਦੀਆਂ ਫਸਲਾਂ ਦੇ ਐਲਾਨੇ ਭਾਅ ਨੂੰ ਗੁੰਮਰਾਹਕੁੰਨ ਦੱਸਦਿਆਂ ਪੂਰੀ ਤਰ੍ਹਾ ਰੱਦ ਕੀਤਾ।