bhagwant-mann-targets-sad-bjp-alliance-farmers-protest: ਅਕਾਲੀਆਂ ਅਤੇ ਕਾਂਗਰਸ ਕੋਲ ਕੋਈ ਏਜੰਡਾ ਨਹੀਂ: ਮੁੱਖ ਮੰਤਰੀ
ਪਿੰਡ ਕਾਹਲਵਾਂ ਵਿੱਚ ਲੋਕ ਮਿਲਣੀ ਮੌਕੇ ਵਿਰੋਧੀਆਂ ’ਤੇ ਨਿਸ਼ਾਨਾ ਸੇਧੇ
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਮੁੜ ਹੱਥ ਮਿਲਾਉਣ ਦੀ ਉਤਸੁਕਤਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਸੰਘਰਸ਼ ਦੌਰਾਨ 750 ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਪਿੰਡ ਕਾਹਲਵਾਂ ਵਿੱਚ ਲੋਕ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਇਕ ਬਲਕਾਰ ਸਿੰਘ ਦੀ ਦੂਰਅੰਦੇਸ਼ੀ ਸਦਕਾ ਹਲਕਾ ਵਿਕਾਸ ਪੱਖੋਂ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਕਰਤਾਰਪੁਰ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਸ੍ਰੀ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦਾ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਸੱਤਾ ਦੀ ਭੁੱਖ ਨਾਲ ਪ੍ਰੇਰਿਤ ਹਨ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਚੁੱਕੇ ਹਨ, ਕਿਸਾਨਾਂ ਨੂੰ ਦਿਨ ਵੇਲੇ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ 70,840 ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਰੱਖੜੀ ਮੌਕੇ ‘ਸਤਕਾਰ ਯੋਜਨਾ’ ਤਹਿਤ ਸ਼ਗਨ ਵੀ ਭੈਣਾਂ ਦੇ ਖਾਤਿਆਂ ਵਿੱਚ ਪਹੁੰਚੇਗਾ ਅਤੇ ਪਿੰਡ ਕਾਹਲਵਾਂ ਦੇ ਵਿਕਾਸ ਲਈ ਪੰਚਾਇਤ ਨੂੰ 51 ਲੱਖ ਦਾ ਚੈੱਕ ਸੌਂਪਿਆ ਗਿਆ ਹੈ।
ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਪੈਸਾ ਕਮਾਉਣ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਆਏ ਹਨ।
ਅਕਾਲੀ ਦਲ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਹੁਣ ਸੱਤਾ ਦੀ ਲਾਲਸਾ ਪੂਰੀ ਕਰਨ ਲਈ ਭਾਜਪਾ ਨਾਲ ਗੱਠਜੋੜ ਦੀ ਭੀਖ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦਾ ਕੋਈ ਵਿਚਾਰਧਾਰਕ ਆਧਾਰ ਜਾਂ ਲੋਕ ਭਲਾਈ ਦੀ ਚਿੰਤਾ ਨਹੀਂ, ਸਗੋਂ ਇੱਕੋ ਉਦੇਸ਼ ਪੰਜਾਬ ਵਿੱਚ ਸੱਤਾ ਹਾਸਲ ਕਰਨਾ ਹੈ।
ਇਸ ਦੌਰਾਨ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਸ੍ਰੀ ਮਾਨ ਨੇ ਕਿਹਾ ਕਿ ਉਹ ਅੰਦਰੂਨੀ ਲੜਾਈ ਵਿੱਚ ਉਲਝੀ ਹੋਈ ਹੈ ਅਤੇ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਰੱਖਦੀ। ਇਸਦੇ ਉਲਟ, ‘ਆਪ’ ਦੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ ਸੰਭਾਲ ਅਤੇ ਲੋਕ ਭਲਾਈ ਲਈ ਹੈ।

