ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ ਤੇ ਬਾਬਾ ਬਕਾਲਾ ’ਚ ਹੋਣਗੇ ਵੱਡੇ ਸਮਾਗਮ

ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ-ਰੇਖਾ ਉਲੀਕੀ
ਸ਼ਹੀਦੀ ਦਿਹਾੜੇ ਦੇ ਸਮਾਗਮਾਂ ਸਬੰਧੀ ‘ਲੋਗੋ’ ਜਾਰੀ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ ਤੇ ਹੋਰ।
Advertisement

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਤਿਆਰੀਆਂ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਵਿਧਾਇਕਾਂ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਬੈਂਸ ਨੇ ਦੱਸਿਆ ਕਿ ਜਿੱਥੇ ਵੀ ਗੁਰੂ ਸਾਹਿਬ ਨੇ ਚਰਨ ਪਾਏ ਹਨ, ਉੱਥੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਗੁਰੂ ਸਾਹਿਬ ਦੇ ਜਨਮ ਸਥਾਨ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਜਿੱਥੇ ਕਿ ਗੁਰੂ ਸਾਹਿਬ ਨੇ ਲੰਮਾ ਸਮਾਂ ਭਗਤੀ ਕੀਤੀ, ਵਿਖੇ ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਗੁਰਦਾਸਪੁਰ ਤੋਂ ਸ਼ੁਰੂ ਹੋਣ ਵਾਲਾ ਨਗਰ ਕੀਰਤਨ ਰਾਤ ਅੰਮ੍ਰਿਤਸਰ ਵਿੱਚ ਠਹਿਰਾਅ ਕਰੇਗਾ ਅਤੇ ਇੱਥੋਂ ਸਵੇਰੇ ਚੱਲ ਕੇ ਤਰਨਤਾਰਨ ਤੋਂ ਹੁੰਦਾ ਜਲੰਧਰ ਵਿਖੇ ਠਹਿਰੇਗਾ। ਇਸ ਨਗਰ ਕੀਰਤਨ ਦੀ ਸਮੁੱਚੀ ਜਿੰਮੇਵਾਰੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਨਿਭਾਉਣਗੇ ਤੇ ਸਰਕਾਰ ਨਗਰ ਕੀਰਤਨ ਦੇ ਰਸਤਿਆਂ ਦੀ ਸੇਵਾ ਅਤੇ ਸੰਗਤ ਦੇ ਠਹਿਰਾਓ ਦੇ ਪ੍ਰਬੰਧ ਇੱਕ ਸੇਵਾਦਾਰ ਵਜੋਂ ਕਰੇਗੀ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਉਹ ਮਿਲੀ ਸੇਵਾ ਸੰਗਤ, ਮਹਾਂਪੁਰਖਾਂ ਤੇ ਸੰਪਰਦਾਵਾਂ ਦੇ ਸਹਿਯੋਗ ਨਾਲ ਨਿਭਾਉਂਣਗੇ।

Advertisement

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਤੋਂ ਇਲਾਵਾ ਉਹ ਰਸਤੇ ਜਿਨ੍ਹਾਂ ਦੀ ਵਰਤੋਂ ਸੰਗਤ ਨੇ ਕਰਨੀ, ਦੀ ਮੁਕੰਮਲ ਤਿਆਰੀ ਅਤੇ ਸਾਫ ਸਫਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਮਾਗਮਾਂ ਲਈ ਹਰੇਕ ਸੰਸਥਾ, ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਨਾਮ ਲੇਵਾ ਸੰਗਤਾਂ ਨੂੰ ਵਿਸ਼ੇਸ਼ ਸਿੱਧਾ ਪੱਤਰ ਭੇਜੇ ਜਾਣਗੇ।

ਬੈਂਸ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਸੀਸਗੰਜ ਤੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮਗਰੋਂ 17 ਨਵੰਬਰ ਤੋਂ ਨਗਰ ਕੀਰਤਨ ਸ੍ਰੀ ਨਗਰ ਤੋਂ ਆਰੰਭ ਹੋ ਕੇ ਅਨੰਦਪੁਰ ਸਾਹਿਬ ਪਹੁੰਚੇਗਾ।ਦੋ ਨਗਰ ਕੀਰਤਨ ਮਾਲਵੇ ਦੀ ਧਰਤੀ ਤੋਂ ਤੇ ਇੱਕ ਨਗਰ ਕੀਰਤਨ ਮਾਝੇ ਦੀ ਧਰਤੀ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੇ।

ਅਨੰਦਪੁਰ ਸਾਹਿਬ ਵਿਖੇ ਵਿਰਾਸਤ -ਏ -ਖਾਲਸਾ ਵਿੱਚ ਮੁੱਖ ਮੰਤਰੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ ਤੇ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਸਜਾਉਣਗੇ। ਪੰਜ ਪਿਆਰਾ ਪਾਰਕ ਵਿਚ “ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ” ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋਅ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ। 25 ਨਵੰਬਰ ਨੂੰ ਸ਼ਾਮ 7 ਵਜੇ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ। ਇਸ ਮੌਕੇ ਸਮਾਗਮ ਲਈ ਤਿਆਰ ਕੀਤਾ ਗਿਆ ‘ਲੋਗੋ’ ਵੀ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਗਿਆ।

 

ਸਮਾਗਮਾਂ ਲਈ ਪੁੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਗੁਰਦਾਸਪੁਰ (ਕੇ ਪੀ ਸਿੰਘ): ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਨੇ ਅੱਜ ਗੁਰਦਾਸਪੁਰ ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਦਿਵਸ ਸਮਾਰੋਹਾਂ ਲਈ ਪ੍ਰਬੰਧਾਂ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਸਮੇਂ-ਸਿਰ ਪੂਰਾ ਕਰਨ ਲਈ ਹੁਕਮ ਜਾਰੀ ਕੀਤੇ। ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਹਾੜੇ ਸਬੰਧੀ ਚਾਰ ਵੱਡੇ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ੁਰੂ ਹੋਣਗੇ ਅਤੇ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ’ਚ ਇਕੱਠੇ ਹੋਣਗੇ।

Advertisement
Show comments