ਹਤਿੰਦਰ ਮਹਿਤਾ
ਆਦਮਪੁਰ ਦੋਆਬਾ (ਜਲੰਧਰ), 13 ਅਕਤੂਬਰ
ਜਲੰਧਰ ਵੈਸਟ ਤੋਂ ਭਾਜਪਾ ਆਗੂ ਪ੍ਰਦੀਪ ਖੁੱਲਰ ਨੂੰ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਅਦਾਲਤ ਦੇ ਹੁਕਮ ਨਾ ਮੰਨਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਕੌਰ ਮਿੰਟੀ ਅਤੇ ਪ੍ਰਦੀਪ ਖੁੱਲਰ ਦਾ ਪੁਰਾਣਾ ਵਿਵਾਦ ਚੱਲ ਰਿਹਾ ਹੈ ਤੇ ਇਸ ਸੰਬੰਧ ਵਿੱਚ ਅਦਾਲਤ ਨੇ ਪ੍ਰਦੀਪ ਖੁੱਲਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ ਪਰ ਪ੍ਰਦੀਪ ਖੁੱਲਰ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਤੇ ਅਦਾਲਤ ਨੇ ਉਸ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਸਨ, ਜਿਸ ਕਾਰਨ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਅੱਜ ਸ਼ਾਮ ਉਸ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਤੇ ਉੱਥੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਪ੍ਰਦੀਪ ਖੁੱਲਰ ਨੇ ਕਿਹਾ ਕਿ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸਗੋਂ ਉਹ ਪੁਲੀਸ ਅੱਗੇ ਆਪ ਪੇਸ਼ ਹੋਇਆ ਹੈ।