BJP protest against Bhagwant Mann: ਭਾਜਪਾ ਕਾਰਕੁਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਵੀਰ ਘੁੰਮਣ ਅਤੇ ਮੰਤਰੀਆਂ ਨੂੰ ਬਚਾਉਣ ਖ਼ਿਲਾਫ਼ ਭਾਜਪਾ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਵੀ ਸ਼ਿਰਕਤ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਈ ਡੀ ਵੱਲੋਂ ਪੰਜਾਬ ਡੀ ਜੀ ਪੀ ਨੂੰ ਤਿੰਨ ਪੱਤਰ ਭੇਜਣ ਦੇ ਬਾਵਜੂਦ, ਪੰਜਾਬ ਪੁਲੀਸ ਨੇ ਐੱਫ ਆਈ ਆਰ ਦਰਜ ਨਹੀਂ ਕੀਤੀ ਜਿਸ ਤੋਂ ਬਾਅਦ ਹਾਈ ਕੋਰਟ ਦੇ ਹੁਕਮਾਂ ’ਤੇ ਸੀ ਬੀ ਆਈ ਜਾਂਚ ਆਰੰਭੀ ਗਈ।
ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕੁਝ ਤਤਕਾਲੀ ਮੰਤਰੀ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਕੇਸਾਂ ਵਿੱਚ ਫਸੇ ਹੋਏ ਹਨ, ਜਦੋਂਕਿ ਇੱਕ ਸਾਬਕਾ ਮੰਤਰੀ ਸਰਕਾਰੀ ਅਧਿਕਾਰੀ ਵੱਲੋਂ ਆਤਮਹੱਤਿਆ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਹਨ। ਇਸ ਮੌਕੇ ਮੰਡਲ ਪ੍ਰਧਾਨ ਬੰਟੀ ਸਾਹਨੀ, ਰਘੂਨਾਥ ਸਿੰਘ ਰਾਣਾ, ਅਜੈ ਕੌਸ਼ਲ ਸੇਠੂ, ਪ੍ਰਦੀਪ ਪਲਾਹਾ, ਸੰਦੀਪ ਮਨਹਾਸ, ਸੰਗਰਾਮ ਸਿੰਘ, ਅਨਿਲ ਵਸ਼ਿਸ਼ਟ, ਸੁਸ਼ੀਲ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।
ਪਠਾਨਕੋਟ (ਐੱਨ ਪੀ ਧਵਨ): ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਭਾਜਪਾ ਵੱਲੋਂ ਇੱਥੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਭਾਜਪਾ ਦੇ ਸਕੱਤਰ ਰਾਕੇਸ਼ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਸਾਬਕਾ ਵਿਧਾਇਕ ਸੀਮਾ ਦੇਵੀ, ਜ਼ਿਲ੍ਹਾ ਬੁਲਾਰੇ ਯੋਗੇਸ਼ ਠਾਕੁਰ, ਅਨਿਲ ਰਾਮਪਾਲ, ਪ੍ਰਦੀਪ ਰੈਣਾ ਹਾਜ਼ਰ ਸਨ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਈ ਡੀ ਅਤੇ ਸੀ ਬੀ ਆਈ ਦੇ ਛਾਪਿਆਂ ਖ਼ਿਲਾਫ਼ ‘ਆਪ’ ਵੱਲੋਂ ਭਾਜਪਾ ਆਗੂ ਦੇ ਘਰ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਭਾਜਪਾ ਨੇ ਵੀ ‘ਆਪ’ ਵਿਰੁੱਧ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਹੇਠ ਵਰਕਰ ਇਕੱਠੇ ਹੋਏ ਤੇ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੀ ਹਾਜ਼ਰ ਸਨ। ਇਸ ਮੌਕੇ ਡਾ. ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਸੰਜੇ ਸ਼ਰਮਾ, ਮੋਹਿਤ ਮਹਾਜਨ, ਪ੍ਰਤੀਕ ਕਪੂਰ, ਗੌਤਮ ਅਰੋੜਾ, ਰਾਜੇਸ਼ ਕੁਮਾਰ ਟੋਨੀ ਸਮੇਤ ਹੋਰ ਆਗੂ ਤੇ ਕਾਰਕੁਨ ਹਾਜ਼ਰ ਸਨ।

