ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਅਕਤੂਬਰ
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਹੁਣ ਭਾਜਪਾ ਮੈਦਾਨ ’ਚ ਉਤਰੇਗੀ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਕਰਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕੀਤਾ। ਡਾ. ਵੇਰਕਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਮੁੱਦੇ ’ਤੇ ਬੁਰੀ ਤਰ੍ਹਾਂ ਫ਼ੇਲ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਵਿਚ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ, ਜਿਨ੍ਹਾਂ ਕਾਰਨ ਲੜਕਿਆਂ ਦੇ ਨਾਲ-ਨਾਲ ਹੁਣ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਡਾ. ਵੇਰਕਾ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਛੁਟਕਾਰਾ ਦਵਾਉਣ ਲਈ ਭਾਜਪਾ ਵਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਤਿੰਨ ਮਹੀਨਿਆਂ ’ਚ ਪੰਜਾਬ ’ਚੋਂ ਨਸ਼ੇ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ’ਤੇ ਅੱਜ ਹਰ ਥਾਂ ’ਤੇ ਨਸ਼ੇ ਵਿਕ ਰਹੇ ਹਨ ਅਤੇ ਪੁਲੀਸ ਵੀ ਮੂਕ ਦਰਸ਼ਕ ਬਣੀ ਹੋਈ ਹੈ। ਕਾਂਗਰਸ ਦੀ ਗੱਲ ਕਰਦਿਆਂ ਡਾ. ਵੇਰਕਾ ਨੇ ਕਿਹਾ ਕਿ ਇਹ ਪਾਰਟੀ ਆਪਣਾ ਜਨ ਆਧਾਰ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਵਿਚਾਰਧਾਰਾ ਤੋਂ ਭਟਕਣ ਦੇ ਨਾਲ-ਨਾਲ ਲੋਕਾਂ ਦੇ ਮੁੱਦਿਆਂ ਨੂੰ ਵੀ ਭੁੱਲ ਚੁੱਕੀ ਹੈ।