ਭਗਵੰਤ ਮਾਨ ਖ਼ਿਲਾਫ਼ ਸੜਕਾਂ ’ਤੇ ਉਤਰੇ ਭਾਜਪਾ ਵਰਕਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਜੁਲਾਈ
ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਗੁੱਸੇ ਦੀ ਲਹਿਰ ਹੈ, ਜਿਸ ਕਾਰਨ ਭਾਜਪਾ ਵਰਕਰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵਿਰੁੱਧ ਸੜਕਾਂ ’ਤੇ ਉਤਰ ਆਏ ਹਨ। ਇਸੇ ਸਬੰਧ ਵਿੱਚ ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨੇ ਹਾਥੀ ਗੇਟ ਚੌਕ ਵਿੱਚ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਸਾੜਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਅਪਣੇ ਅਹੁਦੇ ਦੀ ਮਾਣ-ਮਰਿਆਦਾ ਅਤੇ ਆਪਣੇ ਫਰਜ਼ਾਂ ਦੀ ਪਰਵਾਹ ਨਹੀਂ ਹੈ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਦਾ ਪ੍ਰੋਟੋਕੋਲ ਕੀ ਹੈ। ਇਸ ਮੌਕੇ ਸੁਖਮਿੰਦਰ ਸਿੰਘ ਪਿੰਟੂ, ਡਾ. ਰਾਮ ਚਾਵਲਾ, ਹਰਜਿੰਦਰ ਸਿੰਘ ਠੇਕੇਦਾਰ, ਗੁਰਪ੍ਰਤਾਪ ਸਿੰਘ ਟਿੱਕਾ, ਸਰਬਜੀਤ ਸਿੰਘ , ਕੌਂਸਲਰ ਸ਼ਰੂਤੀ ਵਿਜ, ਰਾਜੇਸ਼ ਮਹਿਤਾ, ਡੌਲੀ ਭਾਟੀਆ, ਤਰੁਣ ਜੱਸੀ ਅਤੇ ਵਰਕਰ ਮੌਜੂਦ ਸਨ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ’ਤੇ ਟਿੱਪਣੀਆਂ ਅਤੇ ਗੈਂਗਸਟਰਾਂ ਦੇ ਮੁੱਦੇ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਗੁਜਰਾਤ ਤੋਂ ਭਗੌੜਾ ਕਹਿਣ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਅੱਜ ਜ਼ਿਲ੍ਹਾ ਭਾਜਪਾ ਨੇ ਜਲੰਧਰ ਦੇ ਸ੍ਰੀ ਰਾਮ ਚੌਕ (ਕੰਪਨੀ ਬਾਗ ਚੌਕ) ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਭਾਜਪਾ ਵਰਕਰਾਂ ਅਤੇ ਅਧਿਕਾਰੀਆਂ ਨੇ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਭਾਜਪਾ ਦੇ ਸਾਬਕਾ ਮੰਤਰੀਆਂ ਮਨੋਰੰਜਨ ਕਾਲੀਆ, ਸ਼ੀਤਲ ਅੰਗੁਰਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਧੋਖਾ ਕਰਕੇ ਸਰਕਾਰ ਬਣਾਈ ਹੈ। ਉਹ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਰਤੇ ਗਏ ਅਪਮਾਨਜਨਕ ਸ਼ਬਦਾਂ ਦੀ ਨਿੰਦਾ ਕਰਦੇ ਹਾਂ। ਮੁੱਖ ਮੰਤਰੀ ਮਾਨ ਨੇ ਗਲਤ ਟਿੱਪਣੀਆਂ ਕਰਕੇ ਪੰਜਾਬੀਆਂ ਦੇ ਮਾਣ ਨੂੰ ਠੇਸ ਪਹੁੰਚਾਈ ਹੈ।
ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
ਤਰਨ ਤਾਰਨ (ਗੁਰਬਖਸ਼ਪੁਰੀ): ਭਾਜਪਾ ਵਰਕਰਾਂ ਵਲੋਂ ਅੱਜ ਇਥੇ ਅੰਮ੍ਰਿਤਸਰ-ਝਬਾਲ ਬਾਈਪਾਸ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਕਥਿਤ ਇਤਰਾਜਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਖ਼ਿਲਾਫ਼ ਵਿਰੋਧ ਪਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜੀ| ਪਾਰਟੀ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਇਕੱਤਰ ਹੋਏ ਭਾਜਪਾ ਵਰਕਰਾਂ ਨੂੰ ਉਨ੍ਹਾਂ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਅੰਦਰ ਲੋਕਾਂ ਨੂੰ ਜਿਥੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਵਿੱਚ ਨਾਕਾਮਯਾਬ ਸਾਬਤ ਹੋ ਰਿਹਾ ਹੈ ਉਥੇ ਉਸ ਵਲੋਂ ਸੂਬੇ ਅੰਦਰ ਸਮਾਜਿਕ ਨਫਤਰ ਫੈਲਾਉਣ ਦੇ ਵੀ ਯਤਨ ਕੀਤੇ ਜਾ ਰਹੇ ਹਨ| ਇਸ ਮੌਕੇ ਪਾਰਟੀ ਆਗੂ ਹਰਪ੍ਰੀਤ ਸਿੰਘ ਸਿੰਦਬਾਦ, ਸੁਰਜੀਤ ਸਿੰਘ ਸਾਗਰ, ਸ਼ਿਵ ਕੁਮਾਰ ਸੋਨੀ, ਜਸਕਰਨ ਸਿੰਘ ਗਿੱਲ, ਸਤਨਾਮ ਸਿੰਘ ਭੁੱਲਰਨੇ ਵੀ ਸੰਬੋਧਨ ਕੀਤਾ ਅਤੇ ਸਰਕਾਰ ਦੀਆਂ ਨਾਕਾਮੀਆਂ ਪਾਰਟੀ ਵਰਕਰਾਂ ਨਾਲ ਸਾਂਝੀਆਂ ਕੀਤੀਆਂ|