ਹੜ੍ਹ ਪੀੜਤ ਕਿਸਾਨਾਂ ਨੂੰ ਡੀਜ਼ਲ, ਖਾਦ ਤੇ ਬੀਜ ਦੇਵੇਗੀ ਬੀ ਕੇ ਯੂ ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਮਲਸੀਆਂ ਵਿਖੇ ਹੋਈ ਜਿਸ ਵਿਚ ਵਿੱਤ ਸਕੱਤਰ ਜਸਪਾਲ ਸਿੰਘ ਸੰਢਾਂਵਾਲ, ਬਲਕਾਰ ਸਿੰਘ ਫਾਜਿਲਵਾਲ ਅਤੇ ਮਨਜੀਤ ਸਿੰਘ ਸਾਬੀ ਸ਼ਾਮਲ ਹੋਏ। ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਖਾਸ ਵਿਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਵਾਸਤੇ ਡੀਜ਼ਲ, ਖਾਦ ਅਤੇ ਕਣਕ ਦਾ ਬੀਜ ਦੇਣ ਦਾ ਫੈਸਲਾ ਕੀਤਾ ਹੈ। ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਪਹਿਲੇ ਪੜਾਅ ’ਚ ਗਰਮ ਕੰਬਲ, ਬਿਸਤਰੇ, ਔਰਤਾਂ ਨੂੰ ਸੀਤੇ ਤੇ ਅਣਸੀਤੇ ਸੂਟ ਅਤੇ ਪਸ਼ੂਆਂ ਲਈ ਚਾਰਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਦੇ ਚੁੱਕੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਅਤੇ ਦਾਨੀ ਸੱਜਣਾਂ ਨੂੰ ਇਸ ਨੇਕ ਕੰਮ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ ਅਤੇ ਸਰਕਾਰ ਕੋਲੋਂ ਜ਼ਮੀਨਾਂ ਪੱਧਰੀਆਂ ਕਰਨ ਲਈ ਟੈਕਸ ਮੁਕਤ ਡੀਜ਼ਲ ਦੇਣ ਦੀ ਮੰਗ ਕੀਤੀ।
