ਪੱਤਰ ਪ੍ਰੇਰਕ
ਹੁਸ਼ਿਆਰਪੁਰ, 17 ਸਤੰਬਰ
ਇਥੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਭਾਈ ਘਨ੍ਹੱਈਆ ਜੀ ਮਾਨਵ ਸੇਵਾ ਦਿਵਸ ਮੌਕੇ ਸਿਵਲ ਹਸਪਤਾਲ ਵਿੱਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਾਈ ਘਨ੍ਹੱਈਆ ਜੀ ਮਿਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਪਹੁੰਚ ਕੇ ਖੂਨਦਾਨੀਆਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ 64ਵੀਂ ਵਾਰ ਖੂਨਦਾਨ ਕਰਨ ਵਾਲੇ ਭਾਈ ਘਨ੍ਹੱਈਆ ਜੀ ਮਿਸ਼ਨ ਦੇ ਪ੍ਰਧਾਨ ਦੇ ਕੰਮਾਂ ਦੀ ਪ੍ਰਸੰਸਾ ਕੀਤੀ। ਇਸ ਦੌਰਾਨ ਉਨ੍ਹਾਂ ਆਪਣਾ ਸਰੀਰ ਦਾਨ ਕਰਨ ਵਾਲੇ ਨਿਰਮਲ ਸਿੰਘ ਦੀ ਵੀ ਸ਼ਲਾਘਾ ਕੀਤੀ। ਖੂਨਦਾਨ ਕੈਂਪ ਦੀ ਸ਼ੁਰੂਆਤ ਭਾਈ ਘਨ੍ਹੱਈਆ ਜੀ ਮਿਸ਼ਨ ਦੇ ਪ੍ਰਧਾਨ ਬਹਾਦਰ ਸਿੰਘ ਸੁਨੇਤ, ਮਾਊਂਟ ਕਾਰਮਲ ਸੁਸਾਇਟੀ ਤੋਂ ਫਾਦਰ ਅਬਰਾਇਮ, ਅਹਮਦਿਆ ਮੁਸਲਿਮ ਭਾਈਚਾਰੇ ਤੋਂ ਮੰਨਨ ਸ਼ੇਖ, ਵਰਿੰਦਰ ਕੁਮਾਰ ਸੈਣੀ ਅਤੇ ਵਰਿੰਦਰ ਕੌਰ ਥਿੰਦ ਪਿੰਡ ਹੇੜੀਆਂ ਨੇ ਖੂਨਦਾਨ ਕਰ ਕੇ ਕੀਤੀ। ਕੈਂਪ ਦੌਰਾਨ ਖੂਨਦਾਨੀਆਂ ਨੂੰ ਨੇਤਰਦਾਨ ਤੇ ਅੰਗਦਾਨ ਲਈ ਜਾਗਰੂਕ ਕੀਤਾ ਗਿਆ।
ਆਦਮਪੁਰ ਦੋਆਬਾ (ਪੱਤਰ ਪ੍ਰੇਰਕ): ਇਥੇ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ (ਪਿਮਸ) ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਪਿਮਸ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਅਰੋੜਾ ਨੇ ਕੀਤੀ। ਕੈਂਪ ਵਿੱਚ 64 ਯੂਨਿਟ ਖੂਨਦਾਨ ਕੀਤਾ ਗਿਆ। ਖੂਨਦਾਨ ਕਰਨ ਵਿੱਚ ਪਿਮਸ ਦੇ ਵਿਦਿਆਰਥੀਆਂ ਅਤੇ ਸਟਾਫ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਪਿਮਸ ਦਬਲੱਡ ਬੈਂਕ ਦੇ ਇੰਚਾਰਜ ਡਾ. ਐੱਸਐੱਸ ਲਾਂਬਾ ਮੌਜੂਦ ਸਨ।
ਕੈਂਪ ਦੌਰਾਨ 25 ਯੂਨਿਟ ਖੂਨ ਇਕੱਤਰ
ਮੁਕੇਰੀਆਂ (ਪੱਤਰ ਪ੍ਰੇਰਕ): ਇਥੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿੱਚ ਰੈੱਡ ਕਰਾਸ, ਰੈੱਡ ਰਬਿਨ ਅਤੇ ਐੱਨਐੱਸਐੱਸ ਵਾਲੰਟੀਅਰਾਂ ਵੱਲੋਂ ਖੂਨ ਦਾਨ ਕੈਂਪ ਦੌਰਾਨ 25 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਖੂਨਦਾਨ ਦੀ ਅਹਿਮੀਅਤ ਲੋੜਵੰਦਾਂ ਲਈ ਵਧੇਰੇ ਹੁੰਦੀ ਹੈ, ਇਸੇ ਕਰਕੇ ਖੂਨਦਾਨ ਨੂੰ ਮਹਾਦਾਨ ਦਾ ਦਰਜ਼ਾ ਦਿੱਤਾ ਗਿਆ ਹੈ। ਇਸ ਦੌਰਾਨ ਵਿਦਿਆਰਥੀਆਂ, ਟੀਚਿੰਗ ਤੇ ਨਾਨ ਟੀਚਿੰਗ ਸਟਾਫ ਵਲੋਂ 25 ਯੂਨਿਟ ਖੂਨਦਾਨ ਕੀਤਾ ਗਿਆ। ਵਿਦਿਆਰਥੀਆਂ ਦੇ ਇਸ ਯੋਗਦਾਨ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।