ਕਪੂਰਥਲਾ ’ਚ ਦਿਨ-ਦਿਹਾੜੇ ਖੂਨੀ ਖੇਡ: ਵਿਦੇਸ਼ ਤੋਂ ਆਈ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ
ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ; ਇਲਾਕੇ ’ਚ ਦਹਿਸ਼ਤ
ਕਪੂਰਥਲਾ ਦੇ ਸੀਨਪੁਰਾ ਇਲਾਕੇ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਘਟਨਾ ਵਾਪਰੀ, ਜਿੱਥੇ ਇੱਕ ਮਹਿਲਾ ਦੀ ਉਸ ਦੇ ਘਰ ਦੇ ਨੇੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਰੀਬ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਪਰਤੀ ਸੀ।
ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 3:30 ਵਜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਹੇਮਪ੍ਰੀਤ ’ਤੇ ਨਿਸ਼ਾਨਾ ਸੇਧਦੇ ਹੋਏ ਕਰੀਬ ਚਾਰ ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ ਅਤੇ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਪੁਲੀਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਇਹ ਮਾਮਲਾ ਟਾਰਗੇਟਿਡ ਕਿਲਿੰਗ ਦਾ ਜਾਪਦਾ ਹੈ, ਹਾਲਾਂਕਿ ਕਤਲ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਦੱਸ ਦਈਏ ਕਿ ਹੇਮਪ੍ਰੀਤ ਦਾ ਪਤੀ ਅਤੇ ਪੁੱਤਰ ਅਜੇ ਵੀ ਵਿਦੇਸ਼ ਵਿੱਚ ਰਹਿ ਰਹੇ ਹਨ, ਜਿਸ ਕਾਰਨ ਪੁਲੀਸ ਉਸ ਦੇ ਨਿੱਜੀ ਸਬੰਧਾਂ ਅਤੇ ਪੁਰਾਣੀ ਰੰਜਿਸ਼ ਦੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਉੱਧਰ ਐਸ.ਐਸ.ਪੀ ਗੌਰਵ ਤੂਰਾ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਘਟਨਾ ਸਥਾਨ ਦੇ ਨੇੜੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਤਾਂ ਜੋ ਹਮਲਾਵਰਾਂ ਤੱਕ ਜਲਦੀ ਪਹੁੰਚਿਆ ਜਾ ਸਕੇ।

