ਦਲਿਤਾਂ ਦੇ ਸੰਵਿਧਾਨਕ ਹੱਕ ਖੁੱਸਣ ਨਹੀਂ ਦੇਵੇਗੀ ਬਸਪਾ: ਕਰੀਮਪੁਰੀ
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਦਲਿਤ ਅਤੇ ਪਿਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਅਤੇ ਪੁਲੀਸ ਜ਼ਬਰ ਰਾਹੀਂ...
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਦਲਿਤ ਅਤੇ ਪਿਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਅਤੇ ਪੁਲੀਸ ਜ਼ਬਰ ਰਾਹੀਂ ਉਨ੍ਹਾਂ ਨੂੰ ਦਬਾਉਣ ਦੇ ਗੰਭੀਰ ਦੋਸ਼ ਲਾਏ ਹਨ।
ਡਾ. ਕਰੀਮਪੁਰੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 25 ਜੂਨ 2026 ਨੂੰ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਕੱਢੀਆਂ ਗਈਆਂ ਕਰੀਬ 1000 ਅਸਾਮੀਆਂ ਵਿੱਚੋਂ ਐੱਸ ਸੀ ਅਤੇ ਬੀ ਸੀ ਵਰਗ ਦਾ ਰਾਖਵਾਂਕਰਨ ਖ਼ਤਮ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗੈਸਟ ਫੈਕਲਟੀ ਅਤੇ ਕੰਟਰੈਕਟ ਭਰਤੀਆਂ ਵਿੱਚ ਵੀ ਕੋਈ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਦਲਿਤ ਪੱਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਬਸਪਾ ਅਜਿਹਾ ਹੋਣ ਨਹੀਂ ਦੇਵੇਗੀ।
ਉਨ੍ਹਾਂ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਅਤੇ ਪਟਿਆਲਾ ਵਿਖੇ ਡਾ. ਰਮਨਦੀਪ ਸਿੰਘ ’ਤੇ ਹੋਏ ਹਮਲੇ ਦੇ ਦੋਸ਼ੀਆਂ ਦੀ ਦੋ ਮਹੀਨਿਆਂ ਬਾਅਦ ਵੀ ਗ੍ਰਿਫ਼ਤਾਰੀ ਨਾ ਹੋਣ ਵਿਰੁੱਧ ਰੋਸ ਪ੍ਰਗਟਾਇਆ। ਉਨ੍ਹਾਂ ਦੋਸ਼ ਲਾਇਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਂ ਪੂੰਈਂ ਵਿੱਚ ਇੱਕ ‘ਆਪ’ ਆਗੂ ਵੱਲੋਂ ਦਲਿਤਾਂ ਦੇ ਘਰ ਸਾੜੇ ਗਏ ਅਤੇ ਕਈਆਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ। ਬਸਪਾ ਨੇ ਇਨ੍ਹਾਂ ਮਸਲਿਆਂ ਖ਼ਿਲਾਫ਼ 3 ਜੁਲਾਈ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਅਤੇ ਮੈਮੋਰੰਡਮ ਸੌਂਪਣ ਦਾ ਐਲਾਨ ਕੀਤਾ ਹੈ। ਇਸ ਮੌਕੇ ਅਜੀਤ ਸਿੰਘ ਭੈਣੀ ਅਤੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਹਾਜ਼ਰ ਸਨ।
