DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਬਨਿਟ ਮੰਤਰੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਰਕਾਰ ਵੱਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ

  • fb
  • twitter
  • whatsapp
  • whatsapp
Advertisement
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾਵੇਗੀ, ਤਾਂ ਜੋ ਹੜ੍ਹਾਂ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਕਿਸਾਨਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੀ ਮੌਜੂਦ ਸਨ।

ਪਿੰਡ ਨੌਲੀ ਦੇ ਕਿਸਾਨ ਜਗਦੀਪ ਸਿੰਘ ਨੇ ਦਾਣਾ ਮੰਡੀ ਜਲੰਧਰ ਵਿੱਚ ਵੇਚਣ ਲਈ ਲਿਆਂਦੇ ਝੋਨੇ ਦੀ ਤੁਰੰਤ ਖ਼ਰੀਦ ਅਤੇ ਸੁਚੱਜੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਨਾਲ ਹੀ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਡੀ.ਐਫ.ਐਸ.ਸੀ. ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਸਹੂਲਤਾਂ ਪਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣਗੇ।

Advertisement

ਭਗਤ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪਹਿਲਾਂ ਹੀ ਹਾਸਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਲਿਫ਼ਟਿੰਗ ਅਤੇ ਅਦਾਇਗੀ ਨਾਲੋ-ਨਾਲ ਕੀਤੀ ਜਾਵੇਗੀ ਅਤੇ ਖ਼ਰੀਦ ਕੀਤੀ ਫ਼ਸਲ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਮਣੀਕ ਸਿੰਘ ਰੰਧਾਵਾ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਨਿਤਿਨ ਕੋਹਲੀ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਡੀ.ਐਫ.ਐਸ.ਸੀ. ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
×