ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 12 ਅਕਤੂਬਰ
ਦਾਣਾ ਮੰਡੀ ਕਰਤਾਰਪੁਰ ਵਿੱਚ ਝੋਨੇ ਦੀ ਖ਼ਰੀਦ ਦਾ ਨਿਰੀਖਣ ਕਰਨ ਪਹੁੰਚੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਦਾ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਵੱਲੋਂ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਦੀ ਅਗਵਾਈ ਵਿਚ ਘਿਰਾਓ ਕੀਤਾ ਗਿਆ ਤੇ ਮੰਗ ਪੱਤਰ ਸੋਂਪਿਆ ਗਿਆ। ਸ੍ਰੀ ਕਟਾਰੂਚੱਕ ਅਤੇ ਵਿਧਾਇਕ ਬਲਕਾਰ ਸਿੰਘ ਨੇ ਗੱਡੀ ਵਿੱਚੋਂ ਉੱਤਰ ਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਮੰਗ ਪੱਤਰ ਲਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਵਾ ਕੇ ਮਸਲੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 18 ਅਕਤੂਬਰ ਤੱਕ ਮਸਲੇ ਦਾ ਹੱਲ ਨਾ ਹੋਇਆ ਤਾਂ ਉਹ ਲਹਿਰਾਗਾਗਾ ਹਲਕੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਦਾ ਵਿਰੋਧ ਕਰਨਗੇ।
ਦਾਣਾ ਮੰਡੀ ਕਰਤਾਰਪੁਰ ਦਾ ਨਿਰੀਖਣ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਝੋਨੇ ਦੀ ਫਸਲ ਦਾ ਇਕ-ਇਕ ਦਾਣਾ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਤੇ ਦੀਵਾਲੀ ਦੀ ਰਾਤ ਕਿਸਾਨਾਂ ਵੱਲੋਂ ਆਪਣੇ ਘਰਾਂ ਵਿੱਚ ਗੁਜ਼ਾਰੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਸਵਾ ਤੇਰਾਂ ਲੱਖ ਕੁਇੰਟਲ ਝੋਨੇ ਵਿਚੋਂ 12 ਲੱਖ ਕੁਇੰਟਲ ਫਸਲ ਖਰੀਦੀ ਜਾ ਚੁੱਕੀ ਹੈ ਤੇ ਚਾਰ ਲੱਖ ਕੁਇੰਟਲ ਫਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 1300 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਇਸੇ ਦੌਰਾਨ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਏ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਫਿਲੌਰ (ਪੱਤਰ ਪ੍ਰੇਰਕ): ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆ ਅਤੇ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਝੋਨੇ ਦੀਆਂ ਢੇਰੀਆਂ ’ਤੇ ਜਾ ਕੇ ਝੋਨੇ ਦੀ ਨਮੀ ਦੀ ਜਾਂਚ ਵੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸੁੱਕਾ ਅਤੇ ਸਾਫ਼ ਸੁਥਰਾ ਝੋਨਾ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਦੀਵਾਲੀ ਮੰਡੀਆਂ ਵਿਚ ਨਾ ਦੇਖਣੀ ਪਵੇ। ਜਦੋਂ ਉਨ੍ਹਾਂ ਨੂੰ ਮੀਂਹ ਕਾਰਨ ਖ਼ਰਾਬ ਹੋਈ ਫ਼ਸਲਾਂ ਦੇ ਮੁਆਵਜ਼ੇ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਸਰਵੇ ਹੋ ਰਿਹਾ ਹੈ।
ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਭੁਲੱਥ (ਦਲੇਰ ਸਿੰਘ ਚੀਮਾ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਸਰਕਾਰੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਢਿੱਲਵਾਂ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖ਼ਰੀਦਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪੱਕੀ ਹੋਈ ਫ਼ਸਲ ਹੀ ਮੰਡੀ ਵਿੱਚ ਲਿਆਉਣ ਲਈ ਕਿਹਾ। ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਤੇ ਲਿਫ਼ਟਿੰਗ ਤੁਰੰਤ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗ੍ਹਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਸਰਕਾਰ ਵੱਲੋ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਆੜ੍ਹਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਸ਼ਾਮਲ ਹਨ, ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੀ ਮੰਗ ਅਨੁਸਾਰ ਖਰੀਦ ਲਈ ਪ੍ਰਤੀ ਏਕੜ ਝਾੜ ਨੂੰ 26 ਕੁਇੰਟਲ ਤੋਂ ਵਧਾ ਕੇ 33 ਕੁਇੰਟਲ ਕਰ ਦਿੱਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਤੇ ਆੜ੍ਹਤੀਆਂ ਨੂੰ ਫਸਲ ਸਬੰਧੀ ਡਾਟਾ ਅਪਲੋਡ ਕਰਨ ਵਿੱਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।