ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਸੱਦਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ
Advertisement
ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸੂਬਾ ਕੋਰ ਕਮੇਟੀ ਮੈਂਬਰ ਸਵਿੰਦਰ ਸਿੰਘ ਚੁਤਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਚੁਤਾਲਾ ਨੇ ਕੇਂਦਰ ਅਤੇ ਸੂਬਾ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਹਨ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਰਹੀਆਂ ਹਨ। ਉਨ੍ਹਾਂ ਸੂਬਾ ਸਰਕਾਰ ਖ਼ਿਲਾਫ਼ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਪੂਰੀ ਤਰ੍ਹਾਂ ਕਿਸਾਨ ਅਤੇ ਪੰਜਾਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਘਰਾਂ ਵਿਚ ਸਮਾਰਟ ਮੀਟਰ ਲਗਾਏ ਜਾਣ ਜਾ ਰਹੇ ਹਨ। ਜਿਸ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲਾਮਬੰਦੀ ਮੀਟਿੰਗਾਂ ਦੀ ਲੜੀ ਚੱਲ ਰਹੀ ਹੈ ਅਤੇ ਜਲਦੀ ਹੀ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦਵਿੰਦਰ ਸਿੰਘ ਕਾਹਲੋਂ, ਜਗਦੀਪ ਸਿੰਘ ਜੱਗੀ, ਗੁਰਜੀਤ ਸਿੰਘ ਕੰਗ, ਦਿਲਾਵਰ ਸਿੰਘ, ਨਿਸ਼ਾਨ ਸਿੰਘ, ਰਾਣਾ ਕੁੱਲਾ, ਲਭਿੰਦਰ ਸਿੰਘ ਜੌੜਾ, ਗਣੇਸ਼ ਦੋਸਾਂਝ ਅਤੇ ਹੋਰ ਵੀ ਆਗੂ ਮੌਜੂਦ ਸਨ।
Advertisement
Advertisement