DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਸਾਤੀ ਬਿਮਾਰੀਆਂ ਤੋਂ ਬਚਾਅ ਲਈ ਮੁਹਿੰਮ ਵਿੱਢੀ ਜਾਵੇ: ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਤੋਂ 60,000 ਕਰੋਡ਼ ਰੁਪਏ ਦਾ ਬਕਾਇਆ ਫੰਡ ਜਾਰੀ ਕਰਨ ਦੀ ਅਪੀਲ
  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ।
Advertisement

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਲਗਾਤਾਰ ਬਾਰਿਸ਼ ਤੋਂ ਬਾਅਦ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਿਮਾਰੀਆਂ ਦੇ ਸੰਭਾਵੀ ਫੈਲਾਅ, ਖਾਸ ਕਰ ਡਾਇਰੀਆ ਲਈ ਤਿਆਰੀ ਕਰਨਾ ਸਮੇਂ ਦੀ ਲੋੜ ਹੈ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਬਿਮਾਰੀ ਫੈਲਣ ਤੋਂ ਰੋਕਣ ਲਈ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਨੂੰ ਤਰਜੀਹ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਮੌਜੂਦ ਸਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਢੁਕਵੀਂ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡੇਂਗੂ ਦੇ ਲਾਰਵੇ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਇਸ ਦੌਰਾਨ ਸਿਹਤ ਮੰਤਰੀ ਨੇ ਮਜ਼ਬੂਤ ਹੜ੍ਹ ਕੰਟਰੋਲ ਪ੍ਰਬੰਧਾਂ ਸਦਕਾ ਜ਼ਿਲ੍ਹੇ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਜਿਸ ਦੇ ਸਿੱਟੇ ਵਜੋਂ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਦੇ ਬਾਵਜੂਦ ਜ਼ਿਲ੍ਹੇ ਭਰ ਵਿੱਚ ਬੰਨ੍ਹ ਵਿੱਚ ਕੋਈ ਪਾੜ ਨਹੀਂ ਪਿਆ। ਉਨ੍ਹਾਂ ਸਮਾਜਿਕ ਸੰਗਠਨਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਨੂੰ ਵੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਵੈ-ਇੱਛਾ ਨਾਲ ਗੋਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇਸ ਤੋਂ ਵੱਡਾ ਹੋਰ ਕੋਈ ਨੇਕ ਕਾਰਜ ਨਹੀਂ ਹੋ ਸਕਦਾ।

Advertisement

ਐੱਨ.ਜੀ.ਓਜ਼ ਅਤੇ ਸਮਾਜ ਸੇਵੀਆਂ ਦੀ ਭੂਮਿਕਾ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਰੋਟਰੀ ਕਲੱਬ, ਡਿਵਾਈਨ ਓਂਕਾਰ ਮਿਸ਼ਨ ਯੂਕੇ ਅਤੇ ਅਮਰੀਕਾ ਤੋਂ ਸਮਾਜ ਸੇਵੀ ਅਮਰਜੀਤ ਸਿੰਘ ਸਮੇਤ ਸੰਗਠਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਸਮੂਹਿਕ ਤੌਰ ’ਤੇ 30 ਚੈੱਕ ਸੌਂਪੇ। ਸਿਹਤ ਮੰਤਰੀ ਨੇ ਕੇਂਦਰ ਸਰਕਾਰ ’ਤੇ ਪੰਜਾਬ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ ਕਰਨ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਬਹਾਲ ਕਰਨ ਲਈ ਇਹ ਫੰਡ ਬਹੁਤ ਮਹੱਤਵਪੂਰਨ ਹਨ।

Advertisement
×