ਕਾਲਜ ’ਚ ਕੈਂਸਰ ਜਾਗਰੂਕਤਾ ਸੈਮੀਨਾਰ
ਸਿਹਤ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਜ਼ਿਲ੍ਹਾ ਡੈਂਟਲ ਸਿਹਤ ਅਧਿਕਾਰੀ ਡਾ. ਕਪਿਲ ਡੋਗਰਾ, ਗਾਇਨਕੋਲੋਜੀ ਵਿਭਾਗ ਤੋਂ ਡਾ. ਪਰਵਾਜ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਰਵਿੰਦਰ ਜੱਸਲ ਅਤੇ ਬੀ.ਈ.ਈ. ਰੋਹਿਤ ਸ਼ਰਮਾ ਹਾਜ਼ਰ ਸਨ। ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਕਿਹਾ ਕਿ ਕੈਂਸਰ ਦੀ ਸ਼ੁਰੂਆਤੀ ਅਵਸਥਾ ਵਿੱਚ ਪਛਾਣ ਹੋਣ ’ਤੇ ਇਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੀ ਬਿਮਾਰੀ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣੀ ਚਾਹੀਦੀ ਹੈ।
ਡਾ. ਕਪਿਲ ਡੋਗਰਾ ਨੇ ਦੱਸਿਆ ਕਿ ਤੰਬਾਕੂ ਸੇਵਨ ਨਾਲ ਹੋਣ ਵਾਲੇ ਮੂੰਹ, ਗਲੇ, ਜੁਬਾਨ ਅਤੇ ਫੇਫੜਿਆਂ ਦੇ ਕੈਂਸਰ ਦੇ ਮਾਮਲੇ ਅੱਜਕਲ੍ਹ ਆਮ ਹੋ ਗਏ ਹਨ। ਡਾ. ਪਰਵਾਜ ਨੇ ਕਿਹਾ ਕਿ ਕੈਂਸਰ ਸਰੀਰ ਦੇ ਕਿਸੇ ਵੀ ਅੰਗ ਵਿੱਚ ਹੋ ਸਕਦਾ ਹੈ, ਪਰ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਅਤੇ ਬ੍ਰੈਸਟ ਕੈਂਸਰ ਸਭ ਤੋਂ ਆਮ ਹਨ। ਪੰਜਾਬ ਸਰਕਾਰ ਵੱਲੋਂ 30 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਇਨ੍ਹਾਂ ਬਿਮਾਰੀਆਂ ਦੀ ਸਕਰੀਨਿੰਗ ਮੁਫ਼ਤ ਕੀਤੀ ਜਾਂਦੀ ਹੈ। ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਇਲਾਜ ਲਈ ਮਰੀਜ਼ਾਂ ਨੂੰ 1.50 ਲੱਖ ਰੁਪਏ ਤੱਕ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਸੈਮੀਨਾਰ ਨੂੰ ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਵੀ ਸੰਬੋਧਨ ਕੀਤਾ।
