ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਜੂਨ
ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਬੁਲਾਰੇ ਗੋਰਾ ਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਤੇ ਮੁੜ ਵਿਚਾਰ ਕਰਨ। ਅੱਜ ਇਥੇ ਗੱਲਬਾਤ ਕਰਦਿਆਂ ਭੁਲੱਥ ਹਲਕੇ ਤੋਂ ਕਾਂਗਰਸ ਦੇ ਇੰਚਾਰਜ ਗੋਰਾ ਗਿੱਲ ਨੇ ਕਿਹਾ ਕਿ ਖਹਿਰਾ ਦੇ ‘ਆਪ’ ਵਿਚ ਜਾਣ ਤੋਂ ਬਾਅਦ ਉਨ੍ਹਾਂ ਨੇ ਹਲਕੇ ਵਿਚ ਪਾਰਟੀ ਨੂੰ ਖੜ੍ਹਾ ਕੀਤਾ ਹੈ ਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਇਥੋਂ ਲੀਡ ਮਿਲੀ ਸੀ। ਬਲਾਕ ਸਮਿਤੀ ਤੇ ਸਰਪੰਚੀ ਦੀਆਂ ਚੋਣਾਂ ਵਿਚ ਵੀ ਕਾਂਗਰਸ ਦਾ ਚੰਗਾ ਪ੍ਰਦਰਸ਼ਨ ਰਿਹਾ ਸੀ। ਹੁਣ ਜਦੋਂ 2022 ਦੀਆਂ ਚੋਣਾਂ ਵਿਚ ਕਾਂਗਰਸ ਮਜ਼ਬੂਤ ਸਥਿਤੀ ਵਿਚ ਆ ਗਈ ਹੈ ਤਾਂ ਸੁਖਪਾਲ ਸਿੰਘ ਖਹਿਰਾ ਪਲਟੀ ਮਾਰ ਕੇ ਕਾਂਗਰਸ ਵਿਚ ਸਾਮਲ ਹੋ ਗਏ ਹਨ। ਗੋਰਾ ਗਿੱਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਅਪੀਲ ਵੀ ਕੀਤੀ ਕਿ ਖਹਿਰਾ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਨ ਤੋਂ ਪਹਿਲਾਂ ਭੁਲੱਥ ਹਲਕੇ ਦੇ ਲੋਕਾਂ ਦੀ ਨਬਜ਼ ਪਛਾਣੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿਚ ਖਹਿਰਾ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਗੋਰਾ ਗਿੱਲ ਨੇ ਇਹ ਦਾਅਵਾ ਵੀ ਕੀਤਾ ਕਿ ਸੋਸ਼ਲ ਮੀਡੀਆ ’ਤੇ ਖਹਿਰਾ ਦਾ ਹੁਣ ਤੋਂ ਹੀ ਤਿੱਖਾ ਵਿਰੋਧ ਹੋਣ ਲੱਗ ਪਿਆ ਹੈ, ਜਿਹੜਾ ਕਾਂਗਰਸ ਨੂੰ ਨੁਕਸਾਨ ਪਹੁੰਚਾਏਗਾ।