ਮਹਿਲਾ ਕਮਿਸ਼ਨ ਦੇ ਦਖ਼ਲ ਮਗਰੋਂ ਜਬਰ-ਜਨਾਹ ਮਾਮਲੇ ’ਚ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
ਮਹਿਲਾ ਕਮਿਸ਼ਨ ਨੇ ਇੱਕ ਲੜਕੀ ਨੂੰ ਨਸ਼ੀਲਾ ਪਦਾਰਥ ਦੇ ਕੇ ਉਸ ਨਾਲ ਜਬਰ-ਜਨਾਹ ਕਰਨ ਅਤੇ ਉਸਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਅੱਜ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਦਿਹਾਤੀ ਪੁਲੀਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਐੱਸਐੱਸਪੀ ਹਰਵਿੰਦਰ ਵਿਰਕ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਪਛਾਣ 18 ਸਾਲਾ ਪ੍ਰਭਜੀਤ ਸਿੰਘ ਵਾਸੀ ਨਕੋਦਰ ਤੇ ਇੰਦਰਜੋਤ ਸਿੰਘ ਵਾਸੀ ਕੰਗਣੀਵਾਲ, ਜਮਸ਼ੇਰ, ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਿਰੁੱਧ ਜਬਰ-ਜਨਾਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਮਹਿਲਾ ਕਮਿਸ਼ਨ ਵੱਲੋਂ ਪੁਲੀਸ ਨੂੰ ਭੇਜੇ ਗਏ ਨੋਟਿਸ ਬਾਰੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੂੰ ਫਿਲਹਾਲ ਕੋਈ ਨੋਟਿਸ ਨਹੀਂ ਮਿਲਿਆ ਹੈ, ਪਰ ਮੁਲਜ਼ਮਾਂ ਖ਼ਿਲਾਫ਼ ਐੱਫਆਈਆਰ ਨੰਬਰ 76 ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰ ਜਾਰੀ ਕਰ ਕੇ ਕਿਹਾ ਸੀ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ। ਦਰਅਸਲ, ਇਹ ਦੋਸ਼ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਦਿੱਤਾ ਗਿਆ ਅਤੇ ਫਿਰ ਉਸ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਇੱਕ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਗਈ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ ’ਤੇ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੈ।
ਪੁਲੀਸ ਤੇ ਪ੍ਰਸ਼ਾਸਨ ਦੀ ਜੁਆਬ-ਤਲਬੀ
Advertisementਕਮਿਸ਼ਨ ਨੇ ਪੁਲੀਸ ਅਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ? ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲੀਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖ਼ੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲੀਸ ਪ੍ਰਸ਼ਾਸਨ ਨੂੰ 22 ਅਗਸਤ ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।