ਪਾਲ ਸਿੰਘ ਨੌਲੀ
ਜਲੰਧਰ, 17 ਮਈ
ਲੰਮੇ ਸਮੇਂ ਤੋਂ ਭਾਰਤ ਤੇ ਪਾਕਿਸਤਾਨ ਦਰਮਿਆਨ ਅਮਨ ਤੇ ਦੋਸਤੀ ਸਥਾਪਤ ਕਰਨ ਦੇ ਮਿਸ਼ਨ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰੀਸਰਚ ਅਕਾਦਮੀ (ਅੰਮ੍ਰਿਤਸਰ), ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਆਗੂਆਂ ਨੇ ਸਾਂਝੇ ਬਿਆਨ ਵਿਚ ਦੋਵਾਂ ਮੁਲਕਾਂ ਦਰਮਿਆਨ ਪਿਛਲੇ ਚਾਰ ਦਿਨਾਂ ਤੱਕ ਚੱਲੀ ਜੰਗ ਤੋਂ ਬਾਅਦ ਹੋਈ ਗੋਲੀਬੰਦੀ ਦਾ ਸਵਾਗਤ ਕੀਤਾ ਹੈ। ਆਗੂਆਂ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵਲੋਂ ਇਹ ਇਕ ਬਹੁਤ ਹੀ ਸੂਝਬੂਝ ਵਾਲਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਹੁਣ ਵੀ ਇਸ ਗੋਲਾਬੰਦੀ ਨੂੰ ਮਜ਼ਬੂਤੀ ਨਾਲ ਲਾਗੂ ਰੱਖਣ ਲਈ ਦੋਵੇਂ ਪਾਸੇ ਦੇ ਸੱਤਾਧਾਰੀ ਆਗੂਆਂ ਨੂੰ ਸੰਜਮ ਅਤੇ ਦ੍ਰਿੜ੍ਹਤਾ ਨਾਲ ਕੰਮ ਕਰਨ ਦੀ ਲੋੜ ਹੈ
ਇਨ੍ਹਾਂ ਆਗੂਆਂ ਨੇ ਸਪੱਸ਼ਟ ਤੌਰ ’ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਸ਼ਾਹਬਾਜ਼ ਸ਼ਰੀਫ਼ ਨੂੰ ਇਹ ਅਪੀਲ ਕੀਤੀ ਹੈ ਕਿ ਹੁਣ ਦੱਖਣੀ ਏਸ਼ੀਆ ਵਿਚ ਅਮਨ, ਸਥਿਰਤਾ ਤੇ ਵਿਸ਼ਵਾਸ ਵਾਲਾ ਮਾਹੌਲ ਬਣਾਉਣ ਲਈ ਪਾਕਿਸਤਾਨ ਨੂੰ ਦਹਿਸ਼ਤਗਰਦ ਤਨਜ਼ੀਮਾਂ ਰਾਹੀਂ ਭਾਰਤ ਵਿਰੁੱਧ ਵਿੱਢੀ ਅਸਿੱਧੀ ਜੰਗ ਨੂੰ ਸਥਾਈ ਤੌਰ ’ਤੇ ਬੰਦ ਕਰਨਾ ਚਾਹੀਦਾ ਹੈ। ਇਨ੍ਹਾਂ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਦੇ ਅਮਨ ਪਸੰਦ ਲੋਕਾਂ ਨੂੰ ਵੀ ਖਿੱਤੇ ਵਿਚ ਅਮਨ ਦੀ ਬਹਾਲੀ ਲਈ ਜਥੇਬੰਦ ਹੋ ਕੇ ਸਰਗਰਮੀ ਨਾਲ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਬਿਆਨ ਜਾਰੀ ਕਰਨ ਵਾਲਿਆਂ ਵਿਚ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰੀਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਸ਼ਾਮਲ ਹਨ।