
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਅਹੁਦੇਦਾਰ। -ਫੋਟੋ: ਪੰਜਾਬੀ ਟ੍ਰਿਬਿਊਨ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਦਸੰਬਰ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਚੀਮਾ ਭਵਨ ਗੜ੍ਹਾ ਜਲੰਧਰ ਵਿੱਚ ਹੋਈ। ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਰਾਹੀਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੀ 2880 ਕਰੋੜ ਰੁਪਏ ਦੀ ਰਾਸ਼ੀ ਰੋਕੇ ਜਾਣ ਦੀ ਨਿੰਦਾ ਕਰਦਿਆਂ ਇਹ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਦਲਾਲਊ ਨੀਤੀ ਤਹਿਤ ਪੰਜਾਬ ਦੇ ਮੰਡੀ ਪ੍ਰਬੰਧ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ 11 ਦਸੰਬਰ ਨੂੰ ਪੰਜਾਬ ਭਰ ਦੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਕਾਮਰੇਡ ਸੰਧੂ ਨੇ ਦੱਸਿਆ ਕਿ ਰਈਆ (ਅੰਮ੍ਰਿਤਸਰ) ਵਿੱਚ ਜੀਟੀ ਰੋਡ ਉੱਤੇ ਪਿੱਲਰਾਂ ’ਤੇ ਪੁਲ ਉਸਾਰਨ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੀ ਪੂਰਨ ਹਮਾਇਤ ਕਰਨ ਦਾ ਫੈਸਲਾ ਲਿਆ ਗਿਆ ਹੈ। ਮੀਟਿੰਗ ’ਚ ਸੰਗਰੂਰ ’ਚ ਸ਼ਾਂਤੀਪੂਰਵਕ ਧਰਨਾ ਦੇ ਰਹੇ ਬੇਜ਼ਮੀਨੇ-ਸਾਧਨਹੀਨ ਦਲਿਤ ਤੇ ਪੇਂਡੂ ਮਜ਼ਦੂਰਾਂ, ਔਰਤਾਂ ’ਤੇ ਕੀਤੇ ਗਏ ਪੁਲੀਸ ਜਬਰ ਦੀ ਨਿਖੇਧੀ ਕੀਤੀ ਗਈ। ਮੀਟਿੰਗ ਨੂੰ ਮਾ. ਰਘਬੀਰ ਸਿੰਘ ਪਕੀਵਾਂ, ਪਰਗਟ ਸਿੰਘ ਜਾਮਾਰਾਏ, ਮੋਹਨ ਸਿੰਘ ਧਮਾਣਾ, ਰਘਬੀਰ ਸਿੰਘ ਬੈਨੀਪਾਲ ਆਦਿ ਨੇ ਸੰਬੋਧਨ ਕੀਤਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ