ਪੱਤਰ ਪ੍ਰੇਰਕ
ਗੜ੍ਹਸ਼ੰਕਰ, 29 ਸਤੰਬਰ
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪੋਸਟ ਗਰੈਜੂਏਟ ਪੰਜਾਬ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪ੍ਰੋ. ਤਜਿੰਦਰ ਸਿੰਘ ਦੀ ਦੇਖ-ਰੇਖ ਹੇਠਾਂ ਸਵੇਰ ਸਮੇਂ ਸਾਈਕਲ ਰੈਲੀ ਕੱਢੀ ਗਈ। ਦੁਪਹਿਰ ਦੇ ਸੈਸ਼ਨ ਵਿੱਚ ਕਾਲਜ ਦੇ ਕਨਵੈਨਸ਼ਨ ਹਾਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਜੇਬੀ ਸੇਖੋਂ ਦੀ ਦੇਖ-ਰੇਖ ਹੇਠਾਂ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਕਹਾਣੀਕਾਰ ਅਜਮੇਰ ਸਿੱਧੂ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ, ਜਿਨ੍ਹਾਂ ਨੇ ਵਰਤਮਾਨ ਦੌਰ ਵਿੱਚ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੀਆਂ ਤਾਕਤਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਤੇ ਵਿਚਾਰਧਾਰਾ ਨੂੰ ਅਮਲੀ ਤੌਰ ’ਤੇ ਜੀਵਨ ਵਿੱਚ ਉਤਾਰਨ ’ਤੇ ਜ਼ੋਰ ਦਿੱਤਾ। ਪ੍ਰਬੰਧਕਾਂ ਵੱਲੋਂ ਮੁੱਖ ਬੁਲਾਰੇ ਅਜਮੇਰ ਸਿੱਧੂ ਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਮ ’ਤੇ ਰੱਖਣ ਦਾ ਸਵਾਗਤ
ਧਾਰੀਵਾਲ (ਪੱਤਰ ਪ੍ਰੇਰਕ): ਇਥੋਂ ਨੇੜਲੇ ਪਿੰਡ ਬਖ਼ਸੀਵਾਲ ਵਿੱਚ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਕਲਾਨੌਰ ਅਤੇ ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ ਵਲੋਂ ਸਾਂਝੇ ਤੌਰ ’ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਦੇ ਗੁਰਸ਼ਰਨਜੀਤ ਸਿੰਘ ਪੁਰੇਵਾਲ ਅਤੇ ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ ਦੇ ਕੋਰ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਸ਼ਹੀਦੀਆਂ ਦੀ ਕਦਰ ਕਰਨੀ ਹਰੇਕ ਇਨਸਾਨ ਦਾ ਫਰਜ਼ ਹੈ ਕਿਉਂਕਿ ਸ਼ਹੀਦੀਆਂ ਕਾਰਨ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ-ਏ-ਆਜ਼ਮ ਦੇ ਨਾਂ ’ਤੇ ਰੱਖਣ ਦਾ ਸਵਾਗਤ ਕੀਤਾ ਅਤੇ ਕੇਂਦਰ ਸਰਕਾਰ ਕੋਲੋਂ ਅਪੀਲ ਕੀਤੀ ਕਿ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।