ਮਾਸਕ ਨਾ ਪਾਉਣ ’ਤੇ ਚੰਨੀ ਦੀ ਸ਼ਿਕਾਇਤ

ਮਾਸਕ ਨਾ ਪਾਉਣ ’ਤੇ ਚੰਨੀ ਦੀ ਸ਼ਿਕਾਇਤ

ਪਾਲ ਸਿੰਘ ਨੌਲੀ
ਜਲੰਧਰ, 13 ਅਗਸਤ

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਿਨਾਂ ਮਾਸਕ ਪਾਇਆਂ ਸਮਾਰਟ ਫੋਨ ਵੰਡਣੇ ਮਹਿੰਗੇ ਪਏ। ਇੱਥੋਂ ਦੇ ਸੀਨੀਅਰ ਐਡਵੋਕੇਟ ਰਾਜਿੰਦਰ ਮੰਡ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਮੁੱਖ ਮੰਤਰੀ ਵੱਲੋਂ ਮਾਸਕ ਪਾਉਣ ਤੇ ਸਮਾਜਿਕ ਦੂਰੀ ਕਾਇਮ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਬਾਵਜੂਦ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾ ਤਾਂ ਮਾਸਕ ਪਾਇਆ ਸੀ ਤੇ ਨਾ ਹੀ ਸਮਾਜਿਕ ਦੂਰੀ ਦਾ ਖ਼ਿਆਲ ਰੱਖਿਆ।

ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲੀਸ ਵੀ ਰੋਜ਼ਾਨਾ ਆਮ ਲੋਕਾਂ ਕੋਲੋਂ ਭਾਰੀ ਜੁਰਮਾਨੇ ਵਸੂਲ ਰਹੀ ਹੈ। ਪੁਲੀਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 12 ਅਗਸਤ 2020 ਤੱਕ ਆਮ ਲੋਕਾਂ ਕੋਲੋਂ 1.40 ਕਰੋੜ ਰੁਪਏ ਵਸੂਲੇ ਜਾ ਚੁੱਕੇ ਹਨ ਜਦੋਂਕਿ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਹਾਜ਼ਰੀ ਵਿੱਚ ਹੀ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ। ਊਨ੍ਹਾਂ ਕਿਹਾ ਕਿ ਇਸ ਗੱਲ ਤੋਂ ਸਾਫ਼ ਹੋ ਗਿਆ ਹੈ ਕਿ ਕਰਫਿਊ ਤੇ ਲੌਕਡਾਊਨ ਦੌਰਾਨ ਆਮ ਲੋਕਾਂ ਦੀ ਕੀਤੀ ਗਈ ਕੁੱਟਮਾਰ ਲੋਕਾਂ ਦੇ ਮਨਾਂ ਵਿੱਚ ਪੁਲੀਸ ਦੀ ਦਹਿਸ਼ਤ ਪੈਦਾ ਕਰਨਾ ਹੀ ਸੀ। ਐਡਵੋਕੇਟ ਮੰਡ ਨੇ ਕਿਹਾ ਕਿ ਜਿਸ ਤਰ੍ਹਾਂ ਹੋਰ ਲੋਕਾਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਦੀ ਕਾਰਵਾਈ ਮੰਤਰੀ ਖ਼ਿਲਾਫ਼ ਵੀ ਕੀਤੀ ਜਾਵੇ। ਇਸ ਸ਼ਿਕਾਇਤ ਪੱਤਰ ਦੇ ਨਾਲ ਹੀ ਉਨ੍ਹਾਂ ਨੇ ਮੰਤਰੀ ਦੀਆਂ ਮਾਸਕ ਨਾ ਪਾਉਣ ਵਾਲੀਆਂ ਤਸਵੀਰਾਂ ਵੀ ਭੇਜੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All